ਡਿਪਟੀ ਕਮਿਸ਼ਨਰ ਨੇ ਫ਼ਤਹਿਗੜ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ
 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਜ਼ੂਮ ਐਪਲੀਕੇਸ਼ਨ ਦੇ ਜਰੀਏ ਫ਼ਤਹਿਗੜ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਪਰੋਕਤ ਸ਼ਹਿਰਾਂ ਤੇ ਕਸਬਿਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੇ ਆਪਣੇ ਸਥਾਨਕ ਮਸਲਿਆਂ ਦੇ ਹੱਲ ਲਈ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ।

ਡਿਪਟੀ ਕਮਿਸ਼ਨਰ ਜਨਾਬ ਮਹੁੰਮਦ ਇਸ਼ਫ਼ਾਕ ਨੇ ਲੋਕਾਂ ਦੀ ਮੁਸ਼ਕਲਾਂ ਸੁਣਦਿਆਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨਾਂ ਕਿਹਾ ਕਿ ਜਿਹੜੇ ਵੀ ਮੁੱਦੇ ਅੱਜ ਦੀ ਮੀਟਿੰਗ ਵਿੱਚ ਉਠਾਏ ਗਏ ਹਨ ਉਨਾਂ ਉੱਪਰ ਹੋਈ ਕਾਰਵਾਈ ਜਾਂ ਕਾਰਗੁਜ਼ਾਰੀ ਬਾਰੇ ਅਗਲੇ ਸ਼ਨੀਵਾਰ ਦੀ ਮੀਟਿੰਗ ਵਿੱਚ ਰਿਪੋਰਟ ਲਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੈਗੂਲਰ ਤੌਰ ’ਤੇ ਸ਼ਹਿਰਾਂ ਵਿੱਚ ਫੌਗਿੰਗ ਅਤੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕਰਨ ਤਾਂ ਜੋ ਡੇਂਗੂ ਅਤੇ ਮਲੇਰੀਆ ਦੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕਿਆ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਜਾਰੀ ਸਲਾਹਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਰੋਨਾ ਵਾਇਰਸ ਦਾ ਕੋਈ ਲੱਛਣ ਦਿਖਾਈ ਦਿੰਦਾ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਤੁਰੰਤ ਆਪਣਾ ਕੋਵਿਡ-19 ਦਾ ਟੈਸਟ ਕਰਵਾਏ। ਉਨਾਂ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ, 6 ਫੱੁਟ ਦੀ ਸਮਾਜਿਕ ਦੂਰੀ ਕਾਇਮ ਰੱਖੀ ਜਾਵੇ ਅਤੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਚੰਗੀ ਤਰਾਂ ਧੋਤਾ ਜਾਵੇ।

ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ. ਵਾਲੀਆਂ ਕੰਬਾਇਨਾਂ ਦੇ ਜਰੀਏ ਹੀ ਕਰਵਾਈ ਜਾਵੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਉਨਾਂ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।