ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਖਤਰਨਾਕ : ਡਿਪਟੀ ਕਮਿਸ਼ਨਰ



ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਇਸਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬਹੁਤ ਖਤਰਨਾਕ ਹੈ। ਉਨਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਕੋਵਿਡ-19 ਮਰੀਜ਼ਾਂ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ ਅਤੇ ਇਸ ਤੋਂ ਇਲਾਵਾ ਇਹ ਗਰਭਵਤੀ ਮਹਿਲਾਵਾਂ ਅਤੇ ਨਵ ਜਨਮੇ ਬੱਚੇ ਲਈ ਬਹੁਤ ਖਤਰਨਾਕ ਹੁੰਦਾ ਹੈ, ਇਸ ਲਈ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਪ੍ਰਬੰਧਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਾਂ ਕਿਰਾਏ ’ਤੇ ਲੈ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਯੋਗ ਪਸ਼ੂਆਂ ਦੇ ਸੁੱਕੇ ਚਾਰੇ ਦੇ ਤੌਰ ’ਤੇ ਕੀਤਾ ਜਾ ਸਕਦਾ ਹੈ, ਇਸ ਲਈ ਜਿਥੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਹੋ ਸਕਦਾ ਹੈ, ਉਥੇ ਪਸ਼ੂ ਪਾਲਣ ਲਈ ਸਸਤਾ ਚਾਰਾ ਵੀ ਉਪਲਬੱਧ ਹੋ ਸਕਦਾ ਹੈ। ਉਨਾਂ ਦੱਸਿਆ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਨਾਲ ਹੀ ਜਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ’ਤੇ ਪ੍ਰਤੀ ਏਕੜ 2856 ਕਿਲੋ ਕਾਰਬਨ ਡਾਇਅਕਸਾਈਡ, 120 ਕਿਲੋ ਕਾਰਬਨ ਮੋਨੋਅਕਸਾਈਡ, 4 ਕਿਲੋ ਸਲਫਰ ਡਾਇਅਕਸਾਈਡ ਅਤੇ 6 ਕਿਲੋ ਧੂੜ ਦੇ ਕਣ ਪੈਦਾ ਹੁੰਦੇ ਹਨ। ਉਨਾਂ ਦੱਸਿਆ ਕਿ ਇਹ ਹਾਨੀਕਾਰਕ ਗੈਸਾਂ ਮਨੁੱਖ ਅਤੇ ਜਾਨਵਰਾਂ ਦੀ ਸਿਹਤ ਲਈ ਕਾਫ਼ੀ ਘਾਤਕ ਹਨ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵਲੋਂ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ ਦਾ ਪੇਸ਼ਾ ਵੀ ਕੀਤਾ ਜਾਂਦਾ ਹੈ ਅਤੇ ਕਿਸਾਨ ਇਸ ਦੌਰਾਨ ਪਸ਼ੂਆਂ ਲਈ ਹਰੇ ਚਾਰੇ ਦੇ ਨਾਲ ਸੁੱਕੇ ਚਾਰੇ ਦੇ ਤੌਰ ’ਤੇ ਤੂੜੀ ਦਾ ਪ੍ਰਯੋਗ ਕਰਦੇ ਹਨ ਜੋ ਕਿ 350 ਰੁਪਏ ਪ੍ਰਤੀ ਕੁਇੰਟਲ ਦੇ ਕਰੀਬ ਹੈ। ਉਨਾਂ ਦੱਸਿਆ ਕਿ ਜੇਕਰ ਪਰਾਲੀ ਦਾ ਪ੍ਰਯੋਗ ਕੀਤਾ ਜਾਵੇ ਤਾਂ ਉਹ ਕੇਵਲ 100 ਰੁਪਏ ਪ੍ਰਤੀ ਕੁਇੰਟਲ ਹੀ ਪੈਂਦੀ ਹੈ। ਉਨਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਦੇ ਕਈ ਤਰੀਕੇ ਹਨ ਪਰੰਤੂ ਚਾਰੇ ਦੇ ਤੌਰ ’ਤੇ ਕਿਸਾਨਾਂ ਲਈ ਸਭ ਤੋਂ ਸਸਤੀ ਅਤੇ ਲਾਭਕਾਰੀ ਵਿਧੀ ਹੈ, ਕਿਉਂਕਿ ਇਸ ਤਰੀਕੇ ਨਾਲ ਮਹਿੰਗੇ ਤੂੜੀ ਦੀ ਬੱਚਤ ਕਰਕੇ ਸਸਤੀ ਪਰਾਲੀ ਦਾ ਪ੍ਰਯੋਗ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪਰਾਲੀ ਦੇ ਪੌਸ਼ਟਿਕ ਗੁਣ ਹੋਰ ਫ਼ਸਲਾਂ ਦੇ ਤੂੜੀ ਦੇ ਲਗਭਗ ਬਰਾਬਰ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਹਿਰਾਂ ਅਨੁਸਾਰ ਪਰਾਲੀ ਨੂੰ ਕਟਾਈ ਤੋਂ 2 ਤੋਂ 10 ਦੇ ਅੰਦਰ ਸੰਭਾਲ ਲਿਆ ਜਾਵੇ ਤਾਂ ਇਸ ਨੂੰ ਪਸ਼ੂ ਜ਼ਿਆਦਾ ਪਸੰਦ ਕਰਦੇ ਹਨ। ਪਸ਼ੂ ਪਾਲਣ ਵਿਭਾਗ ਦੀ ਸਲਾਹ ਦੇ ਨਾਲ ਪਰਾਲੀ ਦਾ ਯੂਰੀਆ ਦੇ ਨਾਲ ਇਲਾਜ ਕਰਕੇ ਇਸ ਦਾ ਸਵਾਦ ਅਤੇ ਪੌਸ਼ਟਿਕਤਾ ਹੋਰ ਵਧਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪਸ਼ੂਆਂ ਲਈ ਪਰਾਲੀ ਦਾ ਆਚਾਰ ਵੀ ਬਣਾਇਆ ਜਾ ਸਕਦਾ ਹੈ।