ਪਰਾਲੀ ਨੂੰ ਅੱਗ: ਕਿਸਾਨਾਂ ਦੀ ਮੰਗ ਨੇ ਹਾਕਮਾਂ ਦੇ ਨਾਸਾਂ 'ਚੋਂ ਧੂਆਂ ਕਢਾਇਆ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Oct 10 2020 16:42
Reading time: 2 mins, 4 secs

ਹਾਕਮ ਧਿਰ ਦੇ ਵੱਲੋਂ ਇੱਕ ਪਾਸੇ ਤਾਂ ਇਹ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉ, ਦੂਜੇ ਪਾਸੇ ਇਨ੍ਹਾਂ ਹੀ ਹਾਕਮਾਂ ਦੇ ਵੱਲੋਂ ਕਿਸਾਨੀ ਮੰਗਾਂ ਨੂੰ ਦੁਰਕਿਨਾਰ ਕਰਕੇ, ਆਪਣੇ ਫ਼ਰਮਾਨ ਥੋਪੇ ਜਾ ਰਹੇ ਹਨ, ਜਿਸ ਦੇ ਕਾਰਨ ਹੁਣ ਕਿਸਾਨ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਸੰਘਰਸ਼ ਕਰਕੇ ਹਾਕਮਾਂ ਦੇ ਨਾਸਾਂ 'ਚੋਂ ਧੂਆਂ ਕਢਵਾ ਰਹੇ ਹਨ। ਕਿਸਾਨੀ ਸੰਘਰਸ਼ ਜਿੱਥੇ ਨਵੇਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਦੇ ਲਈ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਰਾਲੀ ਨੂੰ ਅੱਗ ਲਗਾਉਣ ਦੀ ਮੰਗ ਵੀ ਹੁਣ ਕਿਸਾਨਾਂ ਵੱਲੋਂ ਉਠਾਈ ਜਾ ਰਹੀ ਹੈ।

ਕਿਸਾਨ ਆਖ ਰਹੇ ਹਨ ਕਿ ਉਨ੍ਹਾਂ ਨੂੰ ਵੀ ਪਤਾ ਹੈ, ਪਰਾਲੀ ਦੇ ਧੂਏਂ ਨਾਲ ਪ੍ਰਦੂਸ਼ਨ ਫ਼ੈਲਦਾ ਹੈ, ਪਰ ਕਿਸਾਨ ਕਰ ਵੀ ਕੀ ਸਕਦੇ ਹਨ? ਕਿਸਾਨਾਂ ਦੇ ਨਾਲ ਜਿਹੜੇ ਵਾਅਦੇ ਸਮੇਂ ਦੇ ਹਾਕਮ ਕਰਦੇ ਹਨ, ਉਹ ਵਾਅਦੇ ਕਦੇ ਵੀ ਪੂਰੇ ਨਹੀਂ ਹੁੰਦੇ। ਪੰਜਾਬ ਦੇ ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਅਪੀਲਾਂ ਕਰ ਰਹੇ ਹਨ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰ ਉਕਤ ਡਿਪਟੀ ਕਮਿਸ਼ਨਰ ਕਿਸਾਨਾਂ ਦੀਆਂ ਮੰਗਾਂ ਨੂੰ ਉੱਪਰ ਸਰਕਾਰ ਤੱਕ ਲੱਗਦਾ ਪਹੁੰਚਾ ਹੀ ਨਹੀਂ ਰਹੇ, ਜਿਸ ਦੇ ਕਾਰਨ ਕਿਸਾਨ ਬਹੁਤ ਜ਼ਿਆਦਾ ਪ੍ਰੇਸ਼ਾਨ ਨਜ਼ਰੀ ਆ ਰਹੇ ਹਨ।

ਸਰਕਾਰੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਸੜਕ ਤੇ ਫੈਲੇ ਸੰਘਣੇ ਧੂੰਏ ਨਾਲ ਕਈ ਸੜਕੀ ਦੁਰਘਟਨਾਵਾਂ ਤੇ ਭਿਆਨਕ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਤੇ ਮਾੜਾ ਅਸਰ ਪੈਦਾ ਹੈ, ਉੱਥੇ ਜ਼ਮੀਨ ਵਿਚਲੇ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਜ਼ਮੀਨ ਨੂੰ ਉਪਜਾਊ ਬਣਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਇਸ ਨੂੰ ਆਪਣੇ ਖੇਤਾਂ ਵਿਚ ਹੀ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਰਲਾਇਆ ਜਾਵੇ।

ਕਿਉਂਕਿ ਇਸ ਤੋਂ ਪੈਦਾ ਹੋਈ ਜੈਵਿਕ ਖਾਦ ਸਾਡੀ ਅਗਲੀ ਫਸਲ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ। ਦੂਜੇ ਪਾਸੇ ਸਰਕਾਰੀ ਅਧਿਕਾਰੀਆਂ ਦੇ ਦਾਅਵਿਆਂ ਦੀ ਪੋਲ ਖੋਲਦੇ ਹੋਏ ਆਖ ਰਹੇ ਹਨ, ਕਿ ਕਿਸਾਨਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਕਦੇ ਵੀ ਫ਼ਾਇਦਾ ਨਹੀਂ ਮਿਲਦਾ। ਇਸ ਤੋਂ ਇਲਾਵਾ ਕਿਸਾਨ ਆਖ ਰਹੇ ਹਨ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਨੇ 2500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਹੁਣ ਤੱਕ ਵੀ ਕਿਸਾਨਾਂ ਨੂੰ ਪ੍ਰਾਪਤ ਨਹੀਂ ਹੋਇਆ।

ਹੁਣ ਤੱਕ ਨਾ ਹੀ ਨੈਸ਼ਨਲ ਗਰੀਨ ਟ੍ਰਿਬਿਊਨਲ ਦੁਆਰਾ ਪੰਜ ਏਕੜ ਤੋਂ ਘੱਟ ਵਾਲੇ ਮੁਫ਼ਤ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮਿਲੀ ਹੈ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪ੍ਰਤੀ ਏਕੜ ਸਿੱਧਾ 6 ਹਜ਼ਾਰ ਰੁਪਏ ਦਿੱਤਾ ਜਾਵੇ ਤਾਂ, ਜੋ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਸਕਣ। ਕਿਸਾਨਾਂ ਨੇ ਕੈਪਟਨ ਸਰਕਾਰ ਨੂੰ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪਰਚੇ ਕਰਨੇ ਬੰਦ ਕਰਨ ਦੀ ਮੰਗ ਵੀ ਕੀਤੀ। ਦੇਖਣਾ ਹੁਣ ਇਹ ਹੋਵੇਗਾ ਕਿ ਕੀ ਕਿਸਾਨਾਂ ਨੂੰ ਹਾਕਮ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੰਦੇ ਹਨ ਜਾਂ ਨਹੀਂ।