ਮੋਤੀ ਮਹਿਲ ਦੇ ਹਾਕਮਾਂ ਨੂੰ ਬੇਰੁਜ਼ਗਾਰਾਂ ਦੀ ਵੰਗਾਂਰ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Oct 10 2020 16:46
Reading time: 1 min, 51 secs

ਸਾਡੀ ਸਰਕਾਰ ਬਣ ਲੈਣ ਦਿਓ, ਘਰ ਘਰ ਨੌਕਰੀ ਦਿੱਤੀ ਜਾਵੇਗੀ। ਜੇਕਰ ਨੌਕਰੀ ਨਾ ਦੇ ਸਕੇ ਤਾਂ, ਅਸੀਂ ਬੇਰੁਜ਼ਗਾਰੀ ਭੱਤਾ ਜ਼ਰੂਰ ਦਿਆਂਗੇ। ਇਹ ਵਾਅਦਾ ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਨਾਲ ਕੀਤਾ ਸੀ। ਬੇਰੁਜ਼ਗਾਰਾਂ ਨੇ ਕੈਪਟਨ 'ਤੇ ਵਿਸਵਾਸ਼ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਤਾਂ ਪਾ ਦਿੱਤੀਆਂ, ਪਰ ਕੈਪਟਨ ਨੇ ਸੱਤਾ ਹਾਂਸਲ ਕਰਨ ਤੋਂ ਬਾਅਦ ਨਾ ਤਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਅਤੇ ਨਾ ਹੀ ਉਨ੍ਹਾਂ ਨਾਲ ਕੀਤੇ ਵਾਅਦੇ ਮੁਤਾਬਿਕ ਭੱਤਾ ਦਿੱਤਾ।

ਜਿਸ ਦੇ ਕਾਰਨ ਬੇਰੁਜ਼ਗਾਰ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਉਹ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਸੰਘਰਸ਼ ਕਰ ਰਹੇ ਹਨ। ਜਾਣਕਾਰੀ ਮੁਤਾਬਿਕ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਵੱਲੋਂ ਹੁਣ ਸਰਕਾਰ ਦੀਆਂ ਬੇਰੁਜ਼ਗਾਰ ਮਾਰੂ ਨੀਤੀ ਦੇ ਵਿਰੋਧ ਵਿੱਚ 25 ਅਕਤੂਬਰ ਨੂੰ ਮੋਤੀ ਮਹਿਲ ਦਾ ਘੇਰਾਓ ਕਰਨ ਦਾ ਫ਼ੈਸਲਾ ਕਰ ਲਿਆ ਗਿਆ ਹੈ। ਬੇਰੁਜ਼ਗਾਰਾਂ ਦਾ ਦੋਸ਼ ਹੈ ਕਿ ਸਿੱਖਿਆ ਮੰਤਰੀ ਹਰ ਵਾਰ ਉਨ੍ਹਾਂ ਦੇ ਨਾਲ ਵਾਅਦੇ ਤਾਂ ਅਨੇਕਾਂ ਕਰ ਰਹੇ ਹਨ, ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੇ।

ਮਿਲੀ ਜਾਣਕਾਰੀ ਦੇ ਅਨੁਸਾਰ ਲੰਘੇ ਦਿਨੀਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਵਿਚਾਲੇ ਮੀਟਿੰਗ ਪੰਜਾਬ ਸਕੱਤਰੇਤ ਵਿੱਚ ਹੋਈ ਸੀ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਅਧਿਆਪਕਾਂ ਦੀ ਸੇਵਾ ਮੁਕਤੀ ਪਿੱਛੋਂ ਖਾਲੀ ਹੋਈਆਂ ਅਸਾਮੀਆਂ ਭਰਨ ਲਈ ਦੋ ਪੜਾਵਾਂ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ, ਪਹਿਲਾਂ ਤੋਂ ਕੱਢੀਆਂ ਅਸਾਮੀਆਂ ਵਿਚ ਵਾਧਾ ਕੀਤਾ ਜਾਵੇਗਾ, ਜਦੋਂਕਿ ਭਰਤੀ ਲਈ ਤੈਅਸ਼ੁਦਾ ਉਮਰ-ਹੱਦ 37 ਸਾਲ ਤੋਂ 42 ਸਾਲ ਕਰਨ ਸਬੰਧੀ ਉਨ੍ਹਾਂ ਅਸਮਰੱਥਾ ਜ਼ਾਹਰ ਕੀਤੀ।

'ਨਿਊਜ਼ਨੰਬਰ' ਨਾਲ ਗੱਲਬਾਤ ਸਾਂਝੀ ਕਰਦਿਆਂ ਹੋਇਆ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੁਬਾਈ ਆਗੂ ਸੰਦੀਪ ਗਿੱਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਦੀਆਂ 3282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਗਈਆਂ ਹਨ, ਜਦੋਂਕਿ ਇਨ੍ਹਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ।

ਉਨ੍ਹਾਂ ਇਸ ਦੌਰਾਨ ਇਨ੍ਹਾਂ ਵਿਸ਼ਿਆਂ ਦੀਆਂ ਅਸਾਮੀਆਂ ਵਿੱਚ ਵਾਧਾ ਕਰਨ ਕਰਨ ਤੇ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕਰਨ ਦੀ ਮੰਗ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਹਫ਼ਤੇ ਅੰਦਰ ਮੰਗਾਂ ਦਾ ਹੱਲ ਕੱਢਣ ਦੀ ਮੰਗ ਕੀਤੀ ਗਈ ਹੈ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਮਾਜਿਕ ਸਿੱਖਿਆ, ਪੰਜਾਬੀ ਤੇ ਹਿੰਦੀ ਦੀਆਂ ਅਸਾਮੀਆਂ ਵਿੱਚ ਵਾਧਾ ਤੇ ਰਹਿੰਦੇ ਵਿਸ਼ਿਆਂ ਲਈ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ, ਮੋਤੀ ਮਹਿਲ ਦਾ ਘੇਰਾਓ 25 ਅਕਤੂਬਰ ਨੂੰ ਕੀਤਾ ਜਾਵੇਗਾ।