ਮੋਦੀ ਹਕੂਮਤ ਕਿਸਾਨਾਂ 'ਚ ਫੁੱਟ ਪਾਉਣ ਦੇ ਯਤਨ 'ਚ.!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Oct 13 2020 10:40
Reading time: 1 min, 37 secs

ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਿਸਾਨ ਵਿਰੋਧੀ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਰੇਲਵੇ ਟਰੈਕਾਂ 'ਤੇ ਕਿਸਾਨਾਂ ਨੇ ਡੇਰੇ ਲਗਾਏ ਹੋਏ ਹਨ। ਪੰਜਾਬ ਦੇ ਹਰੇਕ ਵਰਗ ਅਤੇ ਸਿਆਸੀ ਪਾਰਟੀ ਨੇ (ਭਾਜਪਾ ਤੋਂ ਬਿਨਾਂ) ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਹੋਇਆ ਹੈ। ਵੈਸੇ, ਕਿਸਾਨਾਂ ਦੇ ਵੱਲੋਂ ਸਿਆਸੀ ਪਾਰਟੀਆਂ ਨੂੰ, ਉਨ੍ਹਾਂ ਦੇ ਘੋਲ ਤੋਂ ਦੂਰ ਰਹਿਣ ਦੀ ਹੀ ਅਪੀਲ ਕੀਤੀ ਹੋਈ ਹੈ।

ਕਿਉਂਕਿ ਸਿਆਸੀ ਪਾਰਟੀਆਂ ਕਿਸਾਨੀ ਘੋਲ ਦੇ ਵਿੱਚ ਆਪਣੇ ਝੰਡੇ ਲੈ ਕੇ ਪੁੱਜ ਰਹੀਆਂ ਹਨ ਅਤੇ ਸਿਆਸਤ ਘੋਲ ਰਹੀਆਂ ਹਨ। ਜਾਣਕਾਰੀ ਦੇ ਮੁਤਾਬਿਕ ਅੱਜ ਤਿੰਨੇ ਖੇਤੀ ਕਾਨੂੰਨਾਂ ਦੇ ਸਬੰਧ ਵਿੱਚ ਅੱਜ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ, ਕਿਉਂਕਿ 14 ਅਕਤੂਬਰ ਨੂੰ ਦਿੱਲੀ ਵਿਖੇ ਕੇਂਦਰੀ ਹਾਕਮਾਂ ਦੇ ਨਾਲ ਕਿਸਾਨਾਂ ਨੂੰ ਮਿਲਣ ਦਾ ਸਮਾਂ ਮਿਲਿਆ ਹੋਇਆ ਹੈ। 29 ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ।

ਜਦੋਂਕਿ ਪਿਛਲੇ ਦਿਨੀਂ ਜੋ ਮੀਟਿੰਗ ਜਲੰਧਰ ਵਿਖੇ ਹੋਈ ਸੀ, ਉਸ ਵਿੱਚ ਕੁੱਝ ਸਿੱਟਾ ਨਹੀਂ ਸੀ ਨਿਕਲ ਸਕਿਆ। ਸਵਾਲ ਹੁਣ ਇਹ ਉਠਦਾ ਹੈ ਕੇਂਦਰੀ ਸੱਦੇ 'ਤੇ ਕਿਸਾਨਾਂ ਨੂੰ ਜਾਣਾ ਚਾਹੀਦਾ ਹੈ ਜਾਂ ਨਹੀਂ? ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਦੀ ਹੋਣ ਵਾਲੀ ਮੀਟਿੰਗ ਵਿੱਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਕਰਨ ਦੇ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲੱਗ ਸਕਦੀ ਹੈ।

ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਕਿਸਾਨ ਆਗੂ ਬਲਜਿੰਦਰ ਸਿੰਘ ਤਲਵੰਡੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਅਤੇ ਮੋਦੀ ਸਰਕਾਰ ਦੇ ਵੱਲੋਂ ਭਾਰਤ ਭਰ ਦੇ ਕਿਸਾਨਾਂ ਵਿੱਚ ਫੁੱਟ ਪਾਉਣ ਦਾ ਯਤਨ ਕਰ ਰਹੀ ਹੈ। ਕਿਉਂਕਿ ਮੀਟਿੰਗ ਵਿੱਚ ਹਰਿਆਣਾ ਅਤੇ ਦੂਜੇ ਰਾਜਾਂ ਦੇ ਕਿਸਾਨਾਂ ਨੂੰ ਸੱਦਾ ਨਹੀਂ ਦਿੱਤਾ ਗਿਆ।

ਇਸੇ ਤਰ੍ਹਾਂ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਮੀਟਿੰਗ ਵਿਚ ਕੌਣ-ਕੌਣ ਸ਼ਾਮਲ ਹੋਣਗੇ? ਜਦੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਨਾਲ ਖ਼ੁਦ ਮੀਟਿੰਗ ਕਰਨ ਲਈ ਤਿਆਰ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 29 ਜਥੇਬੰਦੀਆਂ ਦੀ ਸਾਂਝੀ ਕਮੇਟੀ ਵੱਲੋਂ ਕਿਸਾਨ ਹਿੱਤਾਂ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ਨਾਲ ਉਹ ਸਹਿਮਤ ਹੋਣਗੇ।