ਕਿਸਾਨ ਅੰਦੋਲਨ: ਭਾਜਪਾ ਖਿਲਾਫ਼ ਕਿਸਾਨਾਂ ਸਮੇਤ ਆਮ ਲੋਕਾਂ ਦਾ ਗੁੱਸਾ ਹੱਦਾਂ ਬੰਨੇ ਟੱਪ ਰਿਹੈ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Oct 17 2020 15:07
Reading time: 2 mins, 27 secs

ਇੱਕ ਪਾਸੇ ਤਾਂ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਦੇ ਅੰਦਰ ਮੁਜ਼ਾਹਰੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਹਾਕਮ ਧਿਰ ਦੇ ਵੱਲੋਂ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨ ਦੇ ਵਾਸਤੇ ਵੰਨ ਸਵੰਨੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਕਾਂਗਰਸ ਸਮੇਤ ਭਾਜਪਾਈਆਂ 'ਤੇ ਵੱਖੋਂ ਵੱਖਰੇ ਦੋਸ਼ ਕਿਸਾਨ ਆਗੂ ਲਗਾ ਰਹੇ ਹਨ ਕਿ ਇਨ੍ਹਾਂ ਕਾਂਗਰਸੀਆਂ ਅਤੇ ਭਾਜਪਾਈਆਂ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਹੀ ਅੱਜ ਕਿਸਾਨ ਨੂੰ ਮਜ਼ਬੂਰੀ ਵੱਸ ਸੜਕਾਂ 'ਤੇ ਉੱਤਰਣਾ ਪੈ ਰਿਹਾ ਹੈ।

ਕਿਸਾਨਾਂ ਦਾ ਕਾਂਗਰਸ 'ਤੇ ਗੁੱਸਾ ਘੱਟ ਅਤੇ ਭਾਜਪਾਈਆਂ 'ਤੇ ਗੁੱਸਾ ਵੱਧ ਹੈ। ਕਿਉਂਕਿ ਭਾਜਪਾਈਆਂ ਨੇ ਲੰਘੇ ਦਿਨੀਂ ਦਿੱਲੀ ਕਿਸਾਨਾਂ ਨੂੰ ਸੱਦ ਕੇ ਉਨ੍ਹਾਂ ਦੇ ਨਾਲ ਭੱਦਾ ਮਜ਼ਾਕ ਕੀਤਾ। ਭਾਜਪਾਈ ਜਿੱਥੇ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਿਆਰ ਨਹੀਂ, ਉੱਥੇ ਹੀ ਦੂਜੇ ਪਾਸੇ ਕਿਸਾਨ ਮਾਰੂ ਕਾਨੂੰਨਾਂ ਦੇ ਬਾਰੇ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਰਕੇ, ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਦੀਆਂ ਤਿਆਰੀਆਂ ਵਿੱਚ ਭਾਜਪਾਈ ਰੁੱਝੇ ਹੋਏ ਹਨ। ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੁੱਧ ਹੁਣ ਰੋਹ ਹੋਰ ਤੇਜ਼ ਹੁੰਦਾ ਜਾ ਰਿਹਾ ਹੈ।

ਲੰਘੀ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜੋ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਬਿਆਨ ਜਾਰੀ ਕੀਤਾ ਗਿਆ, ਉਸ ਨੇ ਹਾਕਮਾਂ ਨੂੰ ਇੱਕ ਵਾਰ ਫਿਰ ਤੋਂ ਹਿਲਾ ਕੇ ਰੱਖ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਪੰਜਾਬ ਵਿਚਲੇ 59 ਧਰਨਿਆਂ ਵਿੱਚ ਬਹੁਤ ਜਲਦੀ ਫੂਕੇ ਜਾਣਗੇ।

ਇਸਤੋਂ ਇਲਾਵਾ ਥਾਂ ਥਾਂ ਮਤੇ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਜਾਵੇਗੀ ਕਿ 19 ਅਕਤੂਬਰ ਨੂੰ ਅਸੰਬਲੀ ਇਜਲਾਸ ਵਿੱਚ ਤਿੰਨੇ ਕੇਂਦਰੀ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੇ ਮਤੇ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਨਿੱਜੀ ਕਾਰਪੋਰੇਸ਼ਨਾਂ ਤੇ ਵੱਡੇ ਵਪਾਰੀਆਂ ਨੂੰ ਐਮ ਐਸ ਪੀ ਦੀ ਜਾਮਨੀ ਤੋਂ ਬਗ਼ੈਰ ਹੀ ਫ਼ਸਲੀ ਖਰੀਦ ਦੀਆਂ ਖੁੱਲ੍ਹਾਂ ਦੇਣ ਵਾਲੇ 2017 ਅਤੇ ਉਸ ਤੋਂ ਪਹਿਲਾਂ ਦੇ ਮੰਡੀਕਰਨ ਕਾਨੂੰਨ/ਬਿੱਲ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਜਾਵੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਸਾਹਮਣੇ ਧਰਨਾ ਦਿੱਤਾ ਜਾਵੇਗਾ। ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਵੀ ਮੌਜੂਦਾ ਘੋਲ਼ ਦਾ ਨਿਸ਼ਾਨਾ ਬਣਾਇਆ ਜਾਵੇਗਾ। ਬੀਤੇ ਦਿਨ ਮਾਲਵੇ ਦੇ 7 ਜ਼ਿਲ੍ਹਿਆਂ ਵਿੱਚ 9 ਸਿਰਕੱਢ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਗਏ ਸਨ ਅਤੇ 10 ਟੌਲ ਪਲਾਜ਼ਿਆਂ, 4 ਸ਼ਾਪਿੰਗ ਮਾਲਜ਼, 1ਅਡਾਨੀ ਗੋਦਾਮ, 23 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ 'ਤੇ ਧਰਨੇ ਵੀ ਜਾਰੀ ਹਨ।

ਟੌਲ ਪਲਾਜ਼ਿਆਂ 'ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਪੰਜਾਬ ਭਰ ਵਿੱਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਸਾਂਝੇ ਘੋਲ਼ ਦਾ ਵਿਸ਼ੇਸ਼ ਨਿਸ਼ਾਨਾ ਅਜੇ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਹੀ ਬਣਾਇਆ ਗਿਆ ਹੈ ਅਤੇ ਭਾਜਪਾ ਆਗੂਆਂ ਖਿਲਾਫ਼ ਕਿਸਾਨਾਂ ਸਮੇਤ ਆਮ ਲੋਕਾਂ ਦਾ ਗੁੱਸਾ ਹੱਦਾਂ ਬੰਨੇ ਟੱਪ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਅਣਖੀਲੇ ਜੁਝਾਰੂ ਕਿਸਾਨ ਮਜ਼ਦੂਰ ਤੇ ਸੰਘਰਸ਼ਸ਼ੀਲ ਕਿਰਤੀ ਲੋਕ ਹਾਕਮਾਂ ਦੇ ਇਸ ਹਮਲੇ ਵਿਰੁੱਧ ਲੰਬੇ ਜਾਨਹੂਲਵੇਂ ਤੇ ਵਿਸ਼ਾਲ ਸੰਘਰਸ਼ਾਂ ਦੀ ਝੜੀ ਲਾ ਕੇ ਇਹਨਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ਨੂੰ ਮਜਬੂਰ ਕਰ ਦੇਣਗੇ।