ਕਿਸਾਨ ਦੀ ਕੇਂਦਰ ਬਣੀ ਦੁਸ਼ਮਣ, ਪੰਜਾਬ ਸਰਕਾਰ ਨੂੰ ਆਈ ਹਮਦਰਦੀ! (ਨਿਊਜ਼ਨੰਬਰ ਖਾਸ ਖ਼ਬਰ)

Last Updated: Nov 16 2020 16:04
Reading time: 2 mins, 36 secs

ਬੇਸ਼ੱਕ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਨਾਲ ਬਹੁਤ ਰੁੱਖਾ ਰਵੱਈਆ ਵਰਤਿਆ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਅਸੀਂ ਕੇਂਦਰ ਦਾ ਕਿਸਾਨਾਂ ਪ੍ਰਤੀ ਰਵੱਈਆ ਤਾਂ ਵੇਖ ਹੀ ਚੁੱਕੇ ਹਾਂ ਕਿ ਉਹ ਕਿਸਾਨਾਂ ਦੇ ਨਾਲ ਕਿੰਨਾ ਮਾੜਾ ਵਿਵਹਾਰ ਕਰ ਰਹੀ ਹੈ। ਪੰਜਾਬ ਸਰਕਾਰ ਦੀ ਜੇਕਰ ਗੱਲ ਕਰੀਏ ਤਾਂ ਇਹ ਇਸ ਸਰਕਾਰ ਦੇ ਵੱਲੋਂ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਣ ਦਾ ਨਵਾਂ ਢੰਗ ਤਰੀਕਾ ਲੱਭ ਲਿਆ ਹੈ ਅਤੇ ਕਿਸਾਨਾਂ ਨੂੰ ਆਪਣੇ ਵੱਸ ਵਿੱਚ ਕਰਨ ਦੇ ਲਈ ਨਵੀਆਂ ਨਵੀਆਂ ਸਕੀਮਾਂ ਵੀ ਘੜੀਆਂ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਮੋਟੇ ਜੁਰਮਾਨੇ ਠੋਕੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਸੂਬੇ ਦੇ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਬਹੁਤ ਜ਼ਿਆਦਾ ਕਮੀ ਆਈ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਵਾਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਘੱਟ ਲਗਾਈ ਹੈ। ਦੂਜੇ ਪਾਸੇ ਕੇਂਦਰ ਵਿਚਲੀ ਮੋਦੀ ਸਰਕਾਰ ਇਹ ਗੱਲ ਮੰਨਣ ਨੂੰ ਤਿਆਰ ਨਹੀਂ, ਉਹ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਨਕਾਰ ਰਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇ ਰਹੀ ਹੈ ਕਿ ਇਨ੍ਹਾਂ ਦੁਆਰਾ ਸਾੜੀ ਗਈ ਪਰਾਲੀ ਦੇ ਕਾਰਨ ਹੀ ਦਿੱਲੀ ਅੰਦਰ ਪ੍ਰਦੂਸ਼ਣ ਵਧਿਆ ਹੈ। ਜਦੋਂ ਕਿ ਅਜਿਹਾ ਬਿਲਕੁਲ ਨਹੀਂ ਹੈ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਨਾਲੋਂ ਪੰਜ ਪ੍ਰਤੀਸ਼ਤ ਤੋਂ ਵੱਧ ਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇਸ ਲਈ ਹੋ ਸਕਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਬਹੁਤ ਸਾਰੇ ਫ਼ੈਸਲੇ ਕੀਤੇ ਗਏ ਹਨ ਅਤੇ ਪੰਜਾਬ ਦੇ ਕਿਸਾਨ ਸੂਬੇ ਦੀ ਕੈਪਟਨ ਹਕੂਮਤ ਖੁਸ਼ ਹਨ । ਜਦੋਂ ਕਿ ਦੂਜੇ ਪਾਸੇ ਕਿਸਾਨਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੁਆਰਾ ਦੱਸੇ ਗਏ ਰਾਹ ਤੇ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਹੱਕਾਂ ਨੂੰ ਕੁਚਲਣ ਲੱਗੀ ਹੋਈ ਹੈ। ਦੱਸਣਾ ਇਹ ਵੀ ਬਣਦਾ ਹੈ ਕਿ ਕਿਸਾਨਾਂ ਨੂੰ ਹਰ ਸਾਲ ਸਬਸਿਡੀ ਤੇ ਸੰਦ ਅਤੇ ਮੁਆਵਜ਼ੇ ਦੇਣ ਦੀਆਂ ਗੱਲਾਂ ਸਰਕਾਰਾਂ ਕਰਦੀਆਂ ਰਹੀਆਂ ਹਨ, ਪਰ ਹੁਣ ਤਕ ਸਰਕਾਰਾਂ ਨੇ ਕਿਸਾਨਾਂ ਦੀ ਕੋਈ ਵੀ ਮੰਗ ਨੂੰ ਪ੍ਰਵਾਨ ਨਾ ਕਰਦਿਆਂ, ਜਿੱਥੇ ਲਾਗੂ ਨਹੀਂ ਕੀਤਾ। ਉੱਥੇ ਹੀ ਕਿਸਾਨਾਂ ਦੀ ਹਰ ਜਗ੍ਹਾ ਲੁੱਟ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਅਨਪੜ੍ਹ ਕਹਿ ਕੇ ਪੁਕਾਰਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅੰਨ ਉਗਾਉਣ ਵਾਲੇ ਅੰਨਦਾਤਾ ਹਨ, ਪਰ ਹਾਕਮਾਂ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ, ਜਿਵੇਂ ਕਿ ਉਹ ਪਾਕਿਸਤਾਨ ਤੋਂ ਆਏ ਹੋਣ। ਕਿਸਾਨਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ ਦਾਅਵਾ ਕੀਤਾ ਹੈ ਕਿ ਇਸ ਵਾਰ ਸੂਬੇ ਵਿੱਚ ਪਰਾਲੀ ਘੱਟ ਸਾੜੀ ਗਈ ਹੈ। ਇਹ ਦਾਅਵਾ ਬਿਲਕੁਲ ਠੀਕ ਹੈ, ਕਿਉਂਕਿ ਇਸ ਵਾਰ ਕਿਸਾਨਾਂ ਦੇ ਵੱਲੋਂ ਬਹੁਤ ਸਾਰੀਆਂ ਜਗਾਵਾਂ 'ਤੇ ਪਰਾਲੀ ਨੂੰ ਖੇਤਾਂ ਦੇ ਵਿੱਚ ਹੀ ਵਾਹਿਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕਈ ਜਗ੍ਹਾਵਾਂ ਤੇ ਸਬਸਿਡੀਆਂ ਤੇ ਸੰਦ ਮਿਲਣ ਦੇ ਕਾਰਨ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਦੇ ਵਿੱਚ ਹੀ ਵਾਹ ਕੇ ਉੱਥੇ ਕਣਕ ਵੀ ਦਿੱਤੀ ਗਈ। ਜਦੋਂ ਕਿ ਬਹੁਤ ਸਾਰੀਆਂ ਜਗਾਵਾਂ ਤੇ ਕਿਸਾਨਾਂ ਨੂੰ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਉਣੀ ਪਈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਪੰਜਾਬ ਵਿਚਲੀ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਅਤੇ ਨਾੜ ਨੂੰ ਸਾਂਭਣ ਦਾ ਕੋਈ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਕਿਸਾਨ ਤੇ ਹਰ ਸਾਲ ਪੈਂਦੀ ਮਾਰ ਨੂੰ ਘਟਾਇਆ ਜਾ ਸਕੇ।