ਕਿਸਾਨ ਅੰਦੋਲਨ: ਕਿਸਾਨਾਂ ਨੂੰ ਕਿਸਾਨ ਹੀ ਰਹਿਣ ਦਿਓ ਹਾਕਮੋ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Nov 17 2020 14:38
Reading time: 1 min, 43 secs

ਪੰਜਾਬ ਸਮੇਤ ਦੇਸ਼ ਭਰ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਵੱਲੋਂ ਦੇਸ਼ ਭਰ ਦੇ ਅੰਦਰ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪਰ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਦੱਸਣਾ ਬਣਦਾ ਹੈ ਕਿ ਇੱਕ ਪਾਸੇ ਤਾਂ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਉੱਤਰੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਰੋਸ ਧਰਨੇ ਰਿਲਾਇੰਸ ਸਪਲਾਈ ਡੀਪੂ ਅੱਗੇ ਵੀ ਜਾਰੀ ਹਨ।

ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਅਤੇ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਵੱਲੋਂ ਇੱਕ ਪਾਸੇ ਤਾਂ ਦੇਸ਼ ਦੇ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਿਆ ਜਾ ਰਿਹਾ ਹੈ, ਉੱਥੇ ਹੀ ਖੇਤੀ ਸੈਕਟਰ ਤੋਂ ਇਲਾਵਾ ਦਰਜਨਾਂ ਹੋਰ ਸਰਕਾਰੀ ਸੈਕਟਰਾਂ 'ਤੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਬਿਠਾਉਣਾ ਚਾਹੁੰਦੀ ਹੈ ਅਤੇ ਕਈ ਸੈਕਟਰਾਂ 'ਤੇ ਤਾਂ ਬਿਠਾ ਵੀ ਚੁੱਕੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸੂਬੇ ਦੀ ਆਰਥਿਕ ਨਾਕਾਬੰਦੀ ਕਰਕੇ ਪੰਜਾਬ ਦੇ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਗੁਮਰਾਹ ਕਰਕੇ ਨਕਲੀ ਖਾਦ, ਕੋਇਲਾ ਜਾਂ ਹੋਰ ਜ਼ਰੂਰੀ ਵਸਤਾਂ ਦੀ ਘਾਟ ਹੋਣ ਦੀ ਗੱਲ ਕਰ ਰਹੀ ਹੈ। ਪੰਜਾਬ ਦੇ ਕਿਰਤੀ ਲੋਕ ਬਹੁਤ ਸੂਝਵਾਨ ਹਨ। ਕੇਂਦਰ ਸਰਕਾਰ ਦੀ ਜੁਮਲਿਆਂ ਵਿੱਚ ਨਹੀਂ ਆਉਣਗੇ। ਪੰਜਾਬ ਸਰਕਾਰ ਚੁੱਪ ਚੁਪੀਤੇ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਰਹੀ ਹੈ। ਜਿਸ ਦੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ 18 ਨਵੰਬਰ ਨੂੰ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਕਿਸਾਨਾਂ ਉੱਪਰ ਦਰਜ ਪਰਚੇ ਰੱਦ ਕਰਵਾਉਣ ਦੀ ਮੰਗ ਕੀਤੀ ਜੀਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਸਾੜਣਾ ਕਿਸਾਨਾਂ ਦੀ ਮਜ਼ਬੂਰੀ ਹੈ, ਕਿਉਂਕਿ ਉਨ੍ਹਾਂ ਕੋਲ ਪਰਾਲੀ ਨੂੰ ਸਾਂਭਣ ਜਾਂ ਫਿਰ ਨਸ਼ਟ ਕਰਨ ਦੇ ਲਈ ਕੋਈ ਪ੍ਰਬੰਧ ਨਹੀਂ ਹੈ।

ਕਿਸਾਨ ਆਗੂਆਂ ਦੇ ਵੱਲੋਂ ਭਾਰਤੀ ਜਨਤਾ ਪਾਰਟੀ 'ਤੇ ਦੋਸ਼ ਲਗਾਉਂਦੇ ਹੋਏ, ਬੀਜੇਪੀ ਦੇ ਨਵੇਂ ਲਗਾਏ ਗਏ ਪੰਜਾਬ ਇੰਚਾਰਜ਼ ਦੁਸ਼ਿਅੰਤ ਗੌਤਮ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਾਂਗਰਸੀ ਅਤੇ ਆੜ੍ਹਤੀਏ ਕਹਿ ਕੇ ਕਿਸਾਨ ਵਿਰੋਧੀ ਹੋਣ ਦਾ ਚਿਹਰਾ ਨੰਗਾ ਕੀਤਾ ਹੈ ਅਤੇ ਇਸ ਤੋਂ ਪਤਾ ਚੱਲਦਾ ਹੈ ਕੇਂਦਰ ਵਿਚਲੀ ਮੋਦੀ ਸਰਕਾਰ ਦੀ ਨੀਤੀ ਅਤੇ ਨੀਅਤ ਕੀ ਹੈ?