ਚੇਅਰਮੈਨ ਚੀਮਾ ਵਲੋਂ ਬਟਾਲਾ ਸ਼ਹਿਰ ਦੇ ਮਸਲੇ ਹੱਲ ਕਰਾਉਣ ਲਈ ਉਪਰਾਲੇ ਲਗਾਤਾਰ ਜਾਰੀ

ਚੇਅਰਮੈਨ ਚੀਮਾ ਨੇ ਅੱਜ ਸੀਵਰੇਜ ਅਤੇ ਸੜਕਾਂ ਦੇ ਮਸਲੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ

ਅਧਿਕਾਰੀਆਂ ਵਲੋਂ ਲੋਕ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ

ਬਟਾਲਾ, 18 ਨਵੰਬਰ - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਵਲੋਂ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਲਗਾਤਾਰ ਜਾਰੀ ਹਨ। ਸ. ਚੀਮਾ ਵਲੋਂ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਬਟਾਲਾ ਸ਼ਹਿਰ ਦੇ ਮਸਲਿਆਂ ਦਾ ਹੱਲ ਕਰਵਾਇਆ ਜਾ ਰਿਹਾ ਹੈ। ਲੋਕ ਮਸਲਿਆਂ ਦੇ ਹੱਲ ਲਈ ਅਰੰਭੀ ਮੁਹਿੰਮ ਤਹਿਤ ਚੇਅਰਮੈਨ ਸ. ਚੀਮਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਪ੍ਰਤਾਪ ਨਾਲ ਗੱਲ ਕਰਕੇ ਬਟਾਲਾ ਸ਼ਹਿਰ ਦੇ ਜੀ.ਟੀ. ਰੋਡ ਅਤੇ ਬਟਾਲਾ ਤੋਂ ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਨੂੰ ਜਾਂਦੀਆਂ ਸੜਕਾਂ ਦੇ ਨਿਰਮਾਣ ਦਾ ਮਾਮਲਾ ਸਾਂਝਾ ਕੀਤਾ।

ਚੇਅਰਮੈਨ ਸ. ਚੀਮਾ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਕਾਸ ਪ੍ਰਤਾਪ ਨੂੰ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿਚੋਂ ਲੰਘਦੇ ਜੀ.ਟੀ. ਰੋਡ ਨੂੰ ਬੀਤੇ ਸਮੇਂ ਨਵਾਂ ਬਣਾਇਆ ਗਿਆ ਸੀ ਅਤੇ ਇਸ ਵਿਚ ਜੋ ਵੀ ਘਾਟਾਂ ਰਹਿ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਰੋਡ ’ਤੇ ਸਿੰਬਲ ਚੌਂਕੀ ਅਤੇ ਸਾਗਰਪੁਰ ਰੋਡ ਦੀਆਂ ਪੁਲੀਆਂ ਨੂੰ ਚੌੜਿਆਂ ਕੀਤਾ ਜਾਵੇ। ਇਸਦੇ ਨਾਲ ਹੀ ਸੜਕਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇ। ਸ. ਚੀਮਾ ਵਲੋਂ ਉਠਾਏ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੰਦਿਆਂ ਪ੍ਰਿੰਸੀਪਲ ਸਕੱਤਰ ਵਿਕਾਸ ਪ੍ਰਤਾਪ ਨੇ ਚੀਫ ਇੰਜੀਨੀਅਰ ਦਾ ਕੰਮ ਦੇਖ ਰਹੇ ਭੁਪਿੰਦਰ ਸਿੰਘ ਤੁਲੀ ਨੂੰ ਹਦਾਇਤ ਕੀਤੀ ਕਿ ਬਟਾਲਾ ਸ਼ਹਿਰ ਵਿੱਚ ਸੜਕਾਂ ਦੇ ਨਿਰਮਾਣ ਦੀ ਨਿੱਜੀ ਨਿਗਰਾਨੀ ਕੀਤੀ ਜਾਵੇ ਅਤੇ ਸ. ਚੀਮਾ ਨੇ ਜੋ ਮਸਲੇ ਉਠਾਏ ਹਨ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ।

ਇਸਦੇ ਨਾਲ ਹੀ ਚੇਅਰਮੈਨ ਸ. ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨਾਲ ਗੱਲ ਕਰਕੇ ਬਟਾਲਾ ਸ਼ਹਿਰ ਵਿੱਚ ਪੈ ਰਹੇ ਸੀਵਰੇਜ ਦੀ ਰਫ਼ਤਾਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਸ. ਚੀਮਾ ਨੇ ਕਿਹਾ ਕਿ ਸੀਵਰੇਜ ਬੋਰਡ ਵਲੋਂ ਸੀਵਰੇਜ ਪਾਉਣ ਦੀ ਮੱਠੀ ਰਫ਼ਤਾਰ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ, ਸਥਾਨਕ ਸਰਾਕਾਰਾਂ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਬਿਨ੍ਹਾਂ ਵਜ੍ਹਾ ਕੰਮ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੀਵਰੇਜ ਪਾਉਣ ਲਈ ਪੁੱਟੀ ਮਿੱਟੀ ਦਾ ਘੱਟਾ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਬਹੁਤ ਪਰੇਸ਼ਾਨ ਕਰ ਰਿਹਾ ਹੈ ਅਤੇ ਇਸਦੇ ਹੱਲ ਲਈ ਰੋਜ਼ਾਨਾ ਪਾਣੀ ਦਾ ਛਿੜਕਾਅ ਕੀਤਾ ਜਾਵੇ।

ਸ. ਚੀਮਾ ਵਲੋਂ ਉਠਾਏ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ ਚੀਫ ਇੰਜੀਨੀਅਰ ਸੀਵਰੇਜ ਬੋਰਡ ਹਰਜਿੰਦਰ ਸਿੰਘ ਬਟਾਲਾ ਸ਼ਹਿਰ ਦਾ ਦੌਰਾ ਕਰਨਗੇ ਅਤੇ ਲੋਕਾਂ ਦੇ ਉਪਰੋਕਤ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਵਰੇਜ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਉਹ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨਗੇ।

ਇਸ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੀ ਗੱਲ ਕੀਤੀ ਅਤੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ ਅਤੇ ਉਹ ਖੁਦ ਵੀ ਬਟਾਲਾ ਜਾ ਕੇ ਵਿਕਾਸ ਕਾਰਜਾਂ ਦਾ ਰੀਵਿਊ ਕਰ ਰਹੇ ਹਨ।

ਇਸੇ ਦੌਰਾਨ ਸ. ਚੀਮਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਤੇ ਐੱਸ.ਡੀ.ਓ. ਨਾਲ ਕਾਹਨੂੰਵਾਨ ਰੋਡ ਉੱਪਰ ਚੱਲ ਰਹੇ ਕੰਮ ਦਾ ਜਾਇਜਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਜਰੂਰੀ ਹਦਾਇਤਾਂ ਦਿੱਤੀਆਂ।