ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ਬੀੜਾ ਚੁੱਕਿਆ ਜਾਵੇਗਾ। ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਹਕੂਮਤ ਸਭ ਭੁੱਲ ਗਈ। ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਅੰਦਰ ਇਸ ਵੇਲੇ ਅਧਿਆਪਕਾਂ ਦੀ ਏਨੀ ਜ਼ਿਆਦਾ ਕਮੀ ਹੈ, ਕਿ ਉੱਥੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਵੀ ਹਾਂਸਲ ਨਹੀਂ ਹੋ ਰਹੀ।

ਜਿਸ ਦੇ ਕਾਰਨ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਣ ਵਿੱਚ ਅਸਮਰਥ ਹਨ। ਜਾਣਕਾਰੀ ਦੇ ਮੁਤਾਬਿਕ ਸੂਬੇ ਅੰਦਰ ਬੀਤੇ 30 ਸਤੰਬਰ 2020 ਨੂੰ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚੋਂ ਵੱਡੀ ਗਿਣਤੀ ਸੇਵਾ ਮੁਕਤ ਅਧਿਆਪਕ ਹੋ ਗਏ। ਇਸ ਤੋਂ ਪਹਿਲੋਂ ਵੀ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੇ ਅੰਦਰ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਨ੍ਹਾਂ ਨੂੰ ਸਰਕਾਰ ਭਰਨ ਦਾ ਨਾਂਅ ਨਹੀਂ ਲੈ ਰਹੀ। ਪਰ ਪਿਛਲੇ ਦਿਨੀਂ ਸਰਕਾਰ ਦੇ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਕਿ, ਜਿਸ ਵਿੱਚ ਸਰਕਾਰ ਨੇ ਦਾਅਵਾ ਕੀਤਾ ਕਿ, ਅਧਿਆਪਕਾਂ ਘਾਟ ਹੁਣ ਕੋਰੋਨਾ ਕਾਰਨ ਬੰਦ ਪਏ ਮਿਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਨਾਲ ਪੂਰੀ ਕੀਤੀ ਜਾਵੇਗੀ।

ਸਿੱਖਿਆ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਕੀਤੇ ਪੱਤਰ ਦੇ ਮੁਤਾਬਿਕ ਵੱਡੇ ਪੱਧਰ ਉੱਤੇ ਸਰਕਾਰੀ ਸਕੂਲਾਂ ਦੇ ਅੰਦਰ ਅਧਿਆਪਕਾਂ ਦੀ ਘਾਟ ਮਹਿਸੂਸ ਹੋਣ ਲੱਗ ਪਈ ਹੈ। ਜਾਰੀ ਪੱਤਰ ਮੁਤਾਬਿਕ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੇ ਚੱਲਦਿਆਂ ਸਿੱਖਿਆ ਵਿਭਾਗ ਵਲੋਂ ਕੋਵਿਡ-19 ਕਾਰਨ ਮਿਡਲ ਸਕੂਲ ਬੰਦ ਹੋਣ ਦੇ ਚੱਲਦਿਆਂ ਸੈਕੰਡਰੀ ਤੇ ਹਾਈ ਸਕੂਲਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਪੈਂਦੇ ਮਿਡਲ ਸਕੂਲ ਦੇ ਅਧਿਆਪਕਾਂ ਦੀਆਂ ਸੇਵਾਵਾਂ ਲੈਣ ਦੇ ਵੀ ਹੁਕਮ ਜਾਰੀ ਕੀਤੇ ਹਨ।

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਦੌਰਾਨ ਇਹ ਸੁਝਾਅ ਦਿੱਤਾ ਗਿਆ ਸੀ ਕਿ 30 ਸਤੰਬਰ 2020 ਨੂੰ ਬਹੁਤ ਸਾਰੇ ਅਧਿਆਪਕ ਸੇਵਾ-ਨਵਿਰਤ ਹੋਣ ਕਾਰਨ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵਲੋਂ ਇਹ ਵੀ ਦੱਸਿਆ ਗਿਆ ਸੀ ਕਿ ਹਾਲ ਦੀ ਘੜੀ ਮਿਡਲ ਸਕੂਲ ਕੋਵਿਡ-19 ਕਾਰਨ ਬੰਦ ਹੋਣ ਦੇ ਚੱਲਦਿਆਂ ਮਿਡਲ ਸਕੂਲਾਂ ਵਿਚ ਤਾਇਨਾਤ ਅਧਿਆਪਕਾਂ ਦੀਆਂ ਸੇਵਾਵਾਂ ਸਬੰਧਿਤ ਸਕੂਲ ਮੁੱਖੀ/ਡੀ.ਡੀ.ਓ ਵਲੋਂ ਲਈਆਂ ਜਾ ਸਕਦੀਆਂ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੁਆਰਾ ਦਿੱਤੇ ਸੁਝਾਵਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਜਿੱਥੇ ਕਿਤੇ ਲੋੜ ਹੋਵੇ, ਉਹ ਆਪਣੇ ਅਧੀਨ ਮਿਡਲ ਸਕੂਲਾਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਦੂਜੇ ਪਾਸੇ ਡੀ.ਟੀ. ਐਫ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ ਨੇ ਪੰਜਾਬ ਸਰਕਾਰ ਤੋਂ ਅਧਿਆਪਕਾਂ ਦੀ ਕਮੀ ਕਾਰਨ ਮਿਡਲ ਸਕੂਲ ਅਧਿਆਪਕਾਂ ਦੀ ਸੇਵਾਂਵਾ ਲੈਣ ਦੀ ਥਾਂ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਦੀਆਂ ਬਦਲੀਆਂ ਇਨ੍ਹਾਂ ਲੋੜਵੰਦ ਸਕੂਲਾਂ ਵਿਚ ਤੁਰੰਤ ਕਰਨ ਅਤੇ ਨਵੀਂ ਭਰਤੀ ਕਰਕੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਮੰਗ ਕੀਤੀ ਹੈ।