ਚੇਅਰਮੈਨ ਚੀਮਾ ਦੇ ਨਿਰਦੇਸ਼ਾਂ ਤਹਿਤ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਗਏ

Last Updated: Nov 27 2020 16:01
Reading time: 1 min, 9 secs

ਪੰਜਾਬ ਸਰਕਾਰ ਹਰ ਨਾਗਰਿਕ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ - ਚੇਅਰਮੈਨ ਚੀਮਾ

ਬਟਾਲਾ, 27 ਨਵੰਬਰ - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦੀਆਂ ਹਦਾਇਤਾਂ ਉੱਪਰ ਅਮਲ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਤਾਂ ਜੋ ਪੀਣ ਵਾਲੇ ਪਾਣੀ ਦੀ ਗੁਣਵਤਾ ਦਾ ਪਤਾ ਲਗਾਇਆ ਜਾ ਸਕੇ। ਅੱਜ ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਬਟਾਲਾ ਸ਼ਹਿਰ ਦੇ ਘਰਾਂ, ਸਕੂਲਾਂ, ਸਰਕਾਰੀ ਦਫ਼ਤਰਾਂ ਅਤੇ ਕੰਮ-ਕਾਜੀ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿੱਚ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਹ ਟੈਸਟ ਇਸ ਗੱਲ ਦਾ ਪਤਾ ਲਗਾਉਣ ਲਈ ਕੀਤੇ ਜਾ ਰਹੇ ਹਨ ਕਿ ਕਿਤੇ ਪੀਣ ਵਾਲਾ ਪਾਣੀ ਦੂਸ਼ਤ ਤਾਂ ਨਹੀਂ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਬਟਾਲਾ ਵਾਸੀਆਂ ਨੂੰ ਦੂਸ਼ਤ ਪਾਣੀ ਕਾਰਨ ਵੱਡਾ ਨੁਕਸਾਨ ਝੱਲਣਾ ਪਿਆ ਸੀ ਅਤੇ ਦੁਬਾਰਾ ਉਹ ਮਾੜੀ ਘਟਨਾ ਨਾ ਵਾਪਰੇ ਇਸ ਲਈ ਇਹਤਿਆਤ ਵਜੋਂ ਇਹ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਵਿੱਚ ਕੋਈ ਨੁਕਸ ਹੋਇਆ ਤਾਂ ਓਥੇ ਦੀ ਜਲ ਸਪਲਾਈ ਵਿੱਚ ਸੁਧਾਰ ਕੀਤਾ ਜਾਵੇਗਾ। ਸ. ਚੀਮਾ ਨੇ ਕਿਹਾ ਕਿ ਪਾਣੀ ਜੀਵਨ ਦਾ ਅਧਾਰ ਹੈ ਅਤੇ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।