ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਕੰਪਿਊਟਰ ਅਧਿਆਪਕ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਕਰਦੇ ਆ ਰਹੇ ਹਨ। ਪਰ ਉਨ੍ਹਾਂ ਦੀਆਂ ਮੰਗਾਂ ਨੂੰ ਜਿੱਥੇ ਬੂਰ ਨਹੀਂ ਪੈ ਰਿਹਾ, ਉੱਥੇ ਹੀ ਪੰਜਾਬ ਵਿਚਲੀ ਕੈਪਟਨ ਹਕੂਮਤ ਵੀ ਆਪਣੇ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰੀ ਆ ਰਹੀ ਹੈ, ਜਿਸ ਦੇ ਕਾਰਨ ਅਧਿਆਪਕਾਂ ਦੇ ਵਿੱਚ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਇੱਕ ਵਾਰ ਫਿਰ ਤੋਂ ਕੜਾਕੇ ਦੀ ਠੰਢ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀਆਂ ਦੇ ਸੰਘਰਸ਼ ਦੇ ਨਾਲ ਨਾਲ ਕੰਪਿਊਟਰ ਅਧਿਆਪਕਾਂ ਨੇ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ।
ਇਸ ਵਾਰ ਕੰਪਿਊਟਰ ਅਧਿਆਪਕਾਂ ਨੇ ਫਿਰ ਤੋਂ ਆਪਣੀਆਂ ਪਿਛਲੀਆਂ ਮੰਗਾਂ ਨੂੰ ਦੁਹਰਾਇਆ ਹੈ ਤਾਂ, ਜੋ ਉਨ੍ਹਾਂ ਦਾ ਭਵਿੱਖ ਸਵਰ ਸਕੇ। ਦਰਅਸਲ, ਪਿਛਲੇ ਲੰਮੇ ਸਮੇਂ ਤੋਂ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਤੌਰ ’ਤੇ ਕੰਮ ਕਰਦੇ 7000 ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਦਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਸਰਕਾਰ ਇਨ੍ਹਾਂ ਅਧਿਆਪਕਾਂ ਦੀ ਮੰਗ ਨੂੰ ਜਿੱਥੇ ਦਰਕਿਨਾਰ ਕਰਦੀ ਵਿਖਾਈ ਦੇ ਰਹੀ ਹੈ, ਉੱਥੇ ਵਾਅਦਿਆਂ ਤੋਂ ਵੀ ਮੁਕਰ ਰਹੀ ਹੈ।
‘ਨਿਊਜ਼ਨੰਬਰ’ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫ਼ਟ ਕੀਤਾ ਜਾਵੇ, ਪਰ ਸਰਕਾਰ ਉਨ੍ਹਾਂ ਦੀ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ, ਅੱਜ ਜੋ ਸੰਗਰੂਰ ਵਿਖੇ ਸਿੱਖਿਆ ਮੰਤਰੀ ਦਾ ਘਿਰਾਊ ਕਰਦਿਆਂ ਹੋਇਆ ਸੂਬਾਈ ਰੈਲੀ ਕੀਤੀ ਜਾ ਰਹੀ ਹੈ, ਇਹ ਮੁੱਖ ਮਕਸਦ ਵੀ ਵਿਭਾਗ ਵਿੱਚ ਸ਼ਿਫ਼ਟ ਹੋਣਾ ਹੀ ਹੈ।
ਹਰਜੀਤ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਰੋਸ ਰੈਲੀ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਵਿੱਚ ਕਰ ਰਹੇ ਹਨ। ਇਸ ਰੈਲੀ ਵਿੱਚ ਮੰਗ ਕੀਤੀ ਗਈ ਕਿ ਸਿੱਖਿਆ ਵਿਭਾਗ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਤੌਰ ’ਤੇ ਕੰਮ ਕਰਦੇ 7000 ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ ਕਰੇ।
ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਵੱਲੋਂ ਇੰਟਰਨਸ਼ਿਪ ਰਿਲੀਫ ਅਤੇ ਏ ਸੀ ਪੀ ਦੇ ਲਾਭ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਚੇਤਾਵਨੀ ਭਰੇ ਲਹਿਜੇ ਵਿੱਚ ਕੰਪਿਊਟਰ ਅਧਿਆਪਕਾਂ ਨੇ ਆਖਿਆ ਕਿ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ, ਸਿੱਖਿਆ ਵਿਭਾਗ ਦੇ ਵਿੱਚ ਸ਼ਿਫ਼ਟ ਨਹੀਂ ਕਰ ਦਿੰਦੀ, ਉਦੋਂ ਤੱਕ ਸੰਘਰਸ਼ ਨੂੰ ਇਸੇ ਤਰ੍ਹਾਂ ਹੀ ਮਗਣ ਦਿੱਤਾ ਜਾਵੇਗਾ।