ਕੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jan 17 2021 13:55
Reading time: 1 min, 40 secs

ਖੇਤੀ ਸਬੰਧੀ ਪਾਸ ਹੋਏ ਤਿੰਨ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਰੀਬ 52 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਰੋਸ ਧਰਨਾ ਮੋਦੀ ਸਰਕਾਰ ਦੇ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਕਿਰਤੀਆਂ ਤੋਂ ਇਲਾਵਾ ਆਮ ਲੋਕਾਂ ਦੇ ਵੱਲੋਂ ਜਾਰੀ ਹੈ। ਕਿਸਾਨਾਂ ਦੀ ਹਮਾਇਤ ਇਸ ਵੇਲੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ, ਬਾਕੀ ਸਭਨਾਂ ਪਾਰਟੀਆਂ ਦੇ ਵੱਲੋਂ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਜਿੱਥੇ ਪਹਿਲੋਂ ਸਵਾਲਾਂ ਦੇ ਘੇਰੇ ਵਿੱਚ ਰਹੀ ਹੈ, ਉੱਥੇ ਹੀ ਹੁਣ ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਪੰਜਾਬ ਕਾਂਗਰਸ ਕਿਸਾਨ ਹਿਤੈਸ਼ੀ ਆਪਣੇ ਆਪ ਨੂੰ ਕਹਿ ਰਹੀ ਹੈ। 

ਕੀ ਕਾਂਗਰਸ ਪਾਰਟੀ ਵਾਕਿਆਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ? ਇਸ ਸਵਾਲ ਦਾ ਜਵਾਬ ਤਾਂ ਸਿੱਧੇ ਸ਼ਬਦਾਂ ਵਿੱਚ ਇਹ ਹੀ ਹੈ ਕਿ ਹਰਿਆਣੇ ਵਿੱਚ ਭਾਜਪਾਈ ਆਗੂ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਵੱਲੋਂ ਰੈਲੀ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪੰਜਾਬ ਦੇ ਅੰਦਰ ਕਾਂਗਰਸ ਸਰਕਾਰ ਵੱਲੋਂ ਸੈਂਕੜੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ, ਭਾਜਪਾ ਦੀ ਰੈਲੀ ਕਰਵਾਈ ਜਾ ਰਹੀ ਹੈ।

ਇਸ ਤੋਂ ਸਾਫ਼ ਪਤਾ ਇਹ ਹੀ ਲੱਗਦਾ ਹੈ ਕਿ ਕਾਂਗਰਸ ਪਾਰਟੀ ਵੀ ਕੇਂਦਰੀ ਹਾਕਮਾਂ ਦੇ ਨਾਲ ਮਿਲ ਕੇ, ਕਿਸਾਨ ਮੋਰਚੇ ਨੂੰ ਕਥਿਤ ਤੌਰ ’ਤੇ ਢਾਹ ਲਗਾ ਰਹੀ ਹੈ।  ਦਰਅਸਲ, ਪਿਛਲੇ ਦਿਨੀਂ ਸੂਬਾਈ ਕੈਬਨਿਟ ਮੀਟਿੰਗ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ’ਤੇ ਜ਼ੋਰ ਸਿਰਫ਼ ਕਾਂਗਰਸ ਪਾਰਟੀ ਹੀ ਦੇ ਰਹੀ ਹੈ।

ਉਨ੍ਹਾਂ ਦਾ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ‘ਰੱਦ ਕਰਨ’ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕਿਉਂਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਸਰਕਾਰੀ ਪ੍ਰੈੱਸ ਬਿਆਨ ਦੀ ਮੰਨੀਏ ਤਾਂ, ਪੰਜਾਬ ਮੰਤਰੀ ਮੰਡਲ ਦੇ ਮੈਂਬਰਾਂ ਨੇ ਇੱਕ ਸੁਰ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ, ਇਕੋ-ਇਕ ਹੱਲ ਹੈ। 

ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ। ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ, ਪਰ ਇਸ ਦੇ ਬਾਵਜੂਦ ਬੀਤੇ ਕਾਫ਼ੀ ਸਮੇਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।