ਕੀ ਦਿੱਲੀ ਪੁਲਿਸ ਨੇ ਕਿਸਾਨਾਂ 'ਤੇ ਝੂਠੇ ਕੇਸ ਬਣਾਏ? (ਨਿਊਜ਼ਨੰਬਰ ਖ਼ਾਸ ਖ਼ਬਰ)

26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਅਤੇ ਦਿੱਲੀ ਦੇ ਕਈ ਜਗ੍ਹਾਵਾਂ 'ਤੇ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੇ ਵੱਲੋਂ ਬੇਸ਼ੱਕ ਅਣਗਿਣਤ ਲੋਕਾਂ ਦੇ ਵਿਰੁੱਧ ਪਰਚੇ ਦਰਜ ਕਰਦੇ ਹੋਏ, ਦਰਜਨਾਂ ਕਿਸਾਨ ਆਗੂਆਂ 'ਤੇ ਵੀ ਪਰਚੇ ਦਰਜ ਕੀਤੇ ਗਏ ਹਨ। ਪਰ, ਕਿਸਾਨਾਂ 'ਤੇ ਦਰਜ ਕੀਤੇ ਗਏ ਪਰਚੇ ਬਿਲਕੁਲ ਝੂਠੇ ਹਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਦਿੱਲੀ ਪੁਲਿਸ ਦੇ ਵੱਲੋਂ ਰੱਦ ਕਰ ਦੇਣਾ ਚਾਹੀਦਾ ਹੈ। ਕਿਉਂਕਿ ਕਿਸਾਨਾਂ ਨੇ ਜਦੋਂ ਕੋਈ ਜ਼ੁਰਮ ਕੀਤਾ ਹੀ ਨਹੀਂ ਤਾਂ, ਉਨ੍ਹਾਂ ਨੂੰ ਮੁਕੱਦਮਿਆਂ ਦੇ ਵਿੱਚ ਫ਼ਸਾਇਆ ਕਿਉਂ ਜਾ ਰਿਹਾ ਹੈ? 

ਇਹ ਦੋਸ਼, ਸਾਡਾ ਨਹੀਂ ਬਲਕਿ ਕਿਸਾਨ ਸੰਯੁਕਤ ਕਿਸਾਨ ਮੋਰਚੇ ਦਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਵੱਡਾ ਦੋਸ਼ ਹੈ ਕਿ ਦਿੱਲੀ ਪੁਲਿਸ ਦੁਆਰਾ ਕਿਸਾਨ ਪਰੇਡ ਦੌਰਾਨ ਸ਼ਾਂਤਮਈ ਤਰੀਕੇ ਦੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ 'ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਮੁਤਾਬਿਕ, 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਬਿਲਕੁਲ ਸ਼ਾਂਤਮਈ ਤਰੀਕੇ ਦੇ ਨਾਲ ਪਰੇਡ ਕੱਢੀ ਸੀ, ਪਰ ਦਿੱਲੀ ਪੁਲਿਸ ਨੇ ਕੇਂਦਰ ਸਰਕਾਰ ਦੀ ਸ਼ਹਿ 'ਤੇ ਕਿਸਾਨਾਂ ਦੇ ਮੋਰਚੇ ਨੂੰ ਖ਼ਤਮ ਕਰਨ ਲਈ ਕਿਸਾਨ ਆਗੂਆਂ 'ਤੇ ਹੀ ਪਰਚੇ ਦਰਜ ਕਰ ਦਿੱਤੇ। 

ਇਹ ਪਰਚੇ ਜਿੱਥੇ ਝੂਠੇ ਤਾਂ ਹਨ ਹੀ, ਨਾਲ ਹੀ ਸਰਕਾਰ ਦੀਆਂ ਕਿਸਾਨ ਵਿਰੋਧੀਆਂ ਨੀਤੀਆਂ ਨੂੰ ਵੀ ਉਜਾਗਰ ਕਰਦੇ ਹਨ। ਕਿਸਾਨ ਆਗੂਆਂ ਨੇ ਮੰਗ ਰੱਖੀ ਕਿ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਉੱਚ ਪੱਧਰੀ ਨਿਆਇਕ ਜਾਂਚ ਕਰਵਾਈ ਜਾਵੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਇਹ ਵੀ ਐਲਾਨ ਕਰਿਆ, ਕਿ ਜਿਨ੍ਹਾਂ ਵੀ ਕਿਸਾਨਾਂ ਨੂੰ ਦਿੱਲੀ ਪੁਲਿਸ ਦੁਆਰਾ ਨੋਟਿਸ ਭੇਜੇ ਜਾ ਰਹੇ ਹਨ, ਉਨ੍ਹਾਂ ਨੂੰ ਪੁਲਿਸ ਦੇ ਸਾਹਮਣੇ ਸਿੱਧੇ ਪੇਸ਼ ਹੋਣ ਦੀ ਕੋਈ ਲੋੜ ਨਹੀਂ। 

ਬਲਕਿ, ਕਿਸਾਨ ਜਥੇਬੰਦੀਆਂ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦਾ ਜਵਾਬ ਦਿੱਲੀ ਪੁਲਿਸ ਨੂੰ ਦੇਣਗੀਆਂ ਅਤੇ ਇਸ ਸਬੰਧੀ ਇੱਕ ਲੀਗਲ ਸੈੱਲ ਵੀ ਗਠਿਤ ਕਰ ਦਿੱਤਾ ਹੋਇਆ ਹੈ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ ਪਿੱਛੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦਾ ਹੱਥ ਸੀ। ਇਸ ਲਈ ਉਕਤ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਜਾਂ ਫਿਰ ਹਾਈਕੋਰਟ ਦੇ ਸੇਵਾ-ਮੁਕਤ ਜੱਜਾਂ ਤੋਂ ਇਸ ਕੇਸ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ, ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। 

ਸੰਯੁਕਤ ਕਿਸਾਨ ਮੋਰਚੇ ਅਨੁਸਾਰ ਕਿਸਾਨ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਵਾਲੇ 16 ਕਿਸਾਨ ਹਾਲੇ ਵੀ ਲਾਪਤਾ ਹਨ। ਦਿੱਲੀ ਪੁਲਿਸ ਨੇ 44 ਦਰਜ ਮੁਕੱਦਮਿਆਂ ਵਿੱਚੋਂ 14 ਕੇਸਾਂ ਵਿੱਚ 130 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਰਿਹਾਅ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਦਿਨ ਰਾਤ ਕੋਸ਼ਿਸ਼ ਕਰ ਰਿਹਾ ਹੈ। ਕਿਸਾਨ ਆਗੂਆਂ ਦੇ ਮੁਤਾਬਿਕ, ਡਕੈਤੀ ਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਅਪਰਾਧਾਂ ਵਿੱਚ ਝੂਠੇ ਕੇਸ ਕਿਸਾਨਾਂ ਉੱਪਰ ਦਰਜ ਕਰਕੇ, ਦਿੱਲੀ ਪੁਲਿਸ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਦਿੱਤਾ ਹੈ।