ਲਾਰਿਆਂ 'ਚ ਰੱਖੇ ਮੰਤਰੀ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Mar 01 2021 14:27
Reading time: 1 min, 36 secs

ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ। ਪਰ ਸਰਕਾਰ ਦੁਆਰਾ ਜਿੱਥੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਉੱਥੇ ਹੀ ਸਰਕਾਰ ਦੁਆਰਾ ਇਨ੍ਹਾਂ ਨੂੰ ਲਾਰਿਆਂ ਵਿੱਚ ਵੀ ਰੱਖਿਆ ਗਿਆ ਹੈ। ਜਿਸ ਦੇ ਕਾਰਨ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਵਿੱਚ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਸਰਕਾਰ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। 

ਜਾਣਕਾਰੀ ਦੇ ਮੁਤਾਬਿਕ, ਕੋਰੋਨਾ ਮਹਾਂਮਾਰੀ ਦੇ ਦੌਰਾਨ ਆਸ਼ਾ ਵਰਕਰਾਂ ਨੇ ਜੀ ਜਾਨ ਲਗਾ ਕੇ ਡਿਊਟੀ ਕੀਤੀ ਅਤੇ ਕਈ ਆਸ਼ਾ ਵਰਕਰਾਂ ਦੀ ਕੋਰੋਨਾ ਮਹਾਂਮਾਰੀ ਦੇ ਦੌਰਾਨ ਮੌਤ ਵੀ ਹੋ ਗਈ। ਪਰ ਇਸ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਆਸ਼ਾ ਵਰਕਰਾਂ ਫਰੰਟ ਲਾਈਨ 'ਤੇ ਡਟੀਆਂ ਰਹੀਆਂ। ਹੁਣ ਜਦੋਂ ਆਸ਼ਾ ਵਰਕਰਾਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਦੇ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ, ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਿਜਾਏ, ਉਨ੍ਹਾਂ 'ਤੇ ਹੀ ਹੁਕਮ ਝਾੜ ਰਹੀ ਹੈ, ਜਿਸ ਦੇ ਕਾਰਨ ਆਸ਼ਾ ਵਰਕਰਾਂ ਬਹੁਤ ਜ਼ਿਆਦਾ ਪ੍ਰੇਸ਼ਾਨ ਨਜ਼ਰੀ ਆ ਰਹੀਆਂ ਹਨ। 

'ਨਿਊਜ਼ਨੰਬਰ' ਦੇ ਨਾਲ ਗੱਲਬਾਤ ਕਰਦਿਆਂ ਹੋਇਆ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਦੀ ਆਗੂ ਬੀਬੀ ਰਾਜਵਿੰਦਰ ਕੌਰ, ਅਮਰਜੀਤ ਸ਼ਾਸਤਰੀ ਅਤੇ ਡੀਐੱਮਐੱਫ ਦੀ ਆਗੂ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਦੱਸਿਆ ਕਿ, ਸਰਕਾਰ ਦੁਆਰਾ ਲਗਾਤਾਰ ਉਨ੍ਹਾਂ ਦੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਉਹ ਫ਼ਰੰਟ ਲਾਈਨ 'ਤੇ ਖੜ੍ਹ ਕੇ ਡਿਊਟੀਆਂ ਕਰਦੀਆਂ ਰਹੀਆਂ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਦੀਆਂ ਰਹੀਆਂ, ਪਰ ਸਰਕਾਰ ਉਨ੍ਹਾਂ ਨੂੰ ਸਧਾਰਨ ਮਜ਼ਦੂਰਾਂ ਦੇ ਬਰਾਬਰ ਵੀ ਉਜਰਤ ਨਹੀਂ ਦੇ ਰਹੀ।

ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ, ਲੰਘੇ ਚਾਰ ਵਰ੍ਹਿਆਂ ਤੋਂ ਸਰਕਾਰ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਦੇ ਨਾਲ ਸੋਸ਼ਣ ਕਰ ਰਹੀ ਹੈ, ਜਿਸ ਦੇ ਕਾਰਨ ਵਰਕਰਾਂ ਵਿੱਚ ਬਹੁਤ ਜ਼ਿਆਦਾ ਰੋਹ ਹੈ। ਆਗੂਆ ਨੇ ਇਹ ਵੀ ਦੋਸ਼ ਮੜਿਆ ਕਿ, ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ, ਜਦੋਂਕਿ ਉਹ ਸਾਰੀਆਂ ਸਮੱਸਿਆਵਾਂ ਸਰਕਾਰ ਤੇ ਸਿਹਤ ਮੰਤਰੀ ਨੂੰ ਦੱਸ ਚੁੱਕੀਆ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ।