ਜਿੱਤ ਵੱਲ ਵਧਿਆ ਕਿਸਾਨੀ ਸੰਘਰਸ਼!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਿਹਾ ਕਿਸਾਨੀ ਸੰਘਰਸ਼ ਜਿੱਤ ਦੇ ਵੱਲ ਵੱਧ ਰਿਹਾ ਹੈ, ਕਿਉਂਕਿ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕਦੀ ਹੋਈ ਵਿਖਾਈ ਦੇ ਰਹੀ ਹੈ। ਕਿਸਾਨਾਂ ਨੇ ਜਦੋਂ ਤੋਂ ਸੰਘਰਸ਼ ਨੂੰ ਹੋਰ ਲੰਮਾ ਖਿੱਚ ਕੇ ਲਿਜਾਣ ਦਾ ਪ੍ਰੋਗਰਾਮ ਉਲੀਕਿਆ ਹੈ, ਉਦੋਂ ਤੋਂ ਲੈ ਕੇ ਹੀ ਸਰਕਾਰ ਦੇ ਮੰਤਰੀ ਪੁੱਠੇ ਸਿੱਧੇ ਹੋ ਰਹੇ ਹਨ। ਲਗਾਤਾਰ ਕਿਸਾਨੀ ਸੰਘਰਸ਼ ਨੂੰ ਭਾਵੇਂ ਹੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਰ ਸਰਕਾਰ ਕਿਸਾਨੀ ਸੰਘਰਸ਼ ਮੂਹਰੇ ਗੋਡੇ ਟੇਕਦੀ ਹੋਈ ਵਿਖਾਈ ਦੇਣ ਲੱਗ ਪਈ ਹੈ। ਦਰਅਸਲ, ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਕਿਸਾਨੀ ਸੰਘਰਸ਼ ਨੂੰ ਲੈ ਕੇ ਇੱਕ ਵਾਰ ਫਿਰ ਬਿਆਨ ਸਾਹਮਣੇ ਆਇਆ ਹੈ, ਜਿਸ ਦੇ ਵਿੱਚ ਉਹ ਕਹਿੰਦੇ ਨਜ਼ਰੀ ਆ ਰਹੇ ਹਨ ਕਿ ਬਹੁਤ ਜਲਦ ਹੀ ਅਸੀਂ ਕਿਸਾਨਾਂ ਦੇ ਨਾਲ ਮੀਟਿੰਗ ਕਰਾਂਗੇ।

ਭਾਵੇਂ ਹੀ ਆਪਣੇ ਬਿਆਨ ਦੇ ਵਿੱਚ ਖੇਤੀ ਮੰਤਰੀ ਇਹ ਕਹਿ ਰਹੇ ਹਨ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਾਂਗੇ ਅਤੇ ਖੇਤੀ ਕਾਨੂੰਨਾਂ ਦੇ ਵਿੱਚ ਸਿਰਫ਼ ਸੋਧ ਹੀ ਅਸੀਂ ਕਰ ਸਕਦੇ ਹਾਂ, ਪਰ ਜਿਸ ਤਰੀਕੇ ਨਾਲ ਕਿਸਾਨਾਂ ਦਾ ਰੋਹ ਵਧਦਾ ਜਾ ਰਿਹਾ ਹੈ। ਉਹਨੂੰ ਵੇਖ ਕੇ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਖੇਤੀ ਮੰਤਰੀ ਤੋਮਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਵੀ ਮਜ਼ਬੂਰ ਹੋ ਜਾਣਗੇ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਮਗਰੋਂ ਆਪਣਾ ਬਿਆਨ ਜਾਰੀ ਕਰਦੇ ਹੋਏ ਮੋਦੀ ਸਰਕਾਰ ਨੂੰ ਚੰਗੀ ਤਰ੍ਹਾਂ ਧੋਇਆ ਹੈ ਅਤੇ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਬਚਾਉਣ ਦੇ ਲਈ ਸਿਰ ਧੜ ਦੀ ਬਾਜ਼ੀ ਲਗਾਉਣ ਲਈ ਤਿਆਰ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਉਦੋਂ ਤੱਕ ਖੇਤੀ ਕਾਨੂੰਨਾਂ ਦੇ ਵਿਰੁੱਧ ਮੁਜ਼ਾਹਰਾ ਕਰਦੇ ਰਹਿਣਗੇ। 

ਜਦੋਂ ਤੱਕ ਸਰਕਾਰ ਇਹ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਉਨ੍ਹਾਂ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ। ਟਿਕੈਤ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਦੋ ਮਹੀਨਿਆਂ ਬਾਅਦ ਫ਼ਸਲ ਦੀ ਵਾਢੀ ਲਈ ਘਰ ਚਲੇ ਜਾਣਗੇ, ਪਰ ਕਿਸਾਨ ਆਪਣੀ ਫਸਲ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਚਾਲੇ ਪਾਉਣਗੇ।