ਲੀਡਰਾਂ ਦੀ ਸੁਰੱਖਿਆ ਵਧਾਈ, ਬੇਰੁਜ਼ਗਾਰ ਟਾਵਰਾਂ 'ਤੇ ਟੰਗੇ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Apr 01 2021 14:06
Reading time: 1 min, 21 secs

ਲੰਘੇ ਕੋਈ 12 ਦਿਨਾਂ ਤੋਂ ਭੁੱਖੇ ਪਿਆਸੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ, ਸਰਕਾਰੀ ਟਾਵਰਾਂ 'ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਕਾਰਨ ਟੰਗੇ ਪਏ ਹਨ। ਪਰ ਉਧਰ ਦੂਜੇ ਪਾਸੇ ਸੱਤਾ ਤੋਂ ਬਾਹਰ ਰਹਿ ਰਹੇ ਭਾਜਪਾਈ ਲੀਡਰਾਂ ਦੀ ਸੁਰੱਖਿਆ ਪੰਜਾਬ ਸਰਕਾਰ ਦੇ ਵੱਲੋਂ ਵਧਾ ਦਿੱਤੀ ਗਈ ਹੈ। ਦਰਅਸਲ, ਰੁਜ਼ਗਾਰ ਦੀ ਮੰਗ ਲਈ ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਦੁਆਰਾ ਉਨ੍ਹਾਂ ਦੀ ਇੱਕ ਨਹੀਂ ਸੁਣੀ ਜਾ ਰਹੀ। 

ਸੱਤਾ ਦੇ ਵਿੱਚ ਭਾਵੇਂ ਅਕਾਲੀ ਦਲ-ਭਾਜਪਾ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਮੌਜੂਦਾ ਕਾਂਗਰਸ ਸਰਕਾਰ, ਹਰ ਸਰਕਾਰ ਨੇ ਹੀ ਬੇਰੁਜ਼ਗਾਰਾਂ ਦੇ ਨਾਲ ਸੋਸ਼ਣ ਕੀਤਾ ਹੈ। ਕਾਂਗਰਸ ਸਰਕਾਰ ਦੁਆਰਾ ਵਾਅਦੇ ਤਾਂ ਸੱਤਾ ਵਿੱਚ ਆਉਣ ਤੋਂ ਪਹਿਲੋਂ ਘਰ ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਸਨ, ਪਰ ਮੌਜੂਦਾ ਹਾਲਾਤ ਇਹ ਬਣ ਚੁੱਕੇ ਹਨ ਕਿ ਸਰਕਾਰ ਘਰ ਘਰ ਨੌਕਰੀਆਂ ਦੇਣ ਦੀ ਬਿਜਾਏ, ਘਰ ਘਰ ਬੇਰੁਜ਼ਗਾਰ ਪੈਦਾ ਕਰਨ 'ਤੇ ਜ਼ੋਰ ਦੇ ਰਹੀ ਹੈ। 

'ਨਿਊਜ਼ਨੰਬਰ' ਨਾਲ ਗੱਲਬਾਤ ਕਰਦਿਆਂ ਹੋਇਆ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂ ਹਰਜੀਤ ਸਿੰਘ ਨੇ ਦੱਸਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲੋਂ ਜੋ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ, ਉਹ ਹੁਣ ਤੱਕ ਪੂਰਾ ਨਹੀਂ ਹੋਇਆ। ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖਮਿਆਜਾ ਸਰਕਾਰ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। 

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ, ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ। 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ  ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਸਿੱਖਿਆ ਪ੍ਰੋਵਾਈਡਰ ਅਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ, ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ, ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।