ਬੇਰੁਜ਼ਗਾਰਾਂ ਨਾਲ ਕੀਤਾ ਵਾਅਦਾ ਕੀ ਕੈਪਟਨ ਸਰਕਾਰ ਨੇ ਪੂਰਾ ਕਰਿਆ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Apr 04 2021 15:08
Reading time: 1 min, 32 secs

ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆ ਜਾਂਦੀ ਹੈ ਤਾਂ, ਪੰਜਾਬ ਦੇ ਹਰ ਘਰ ਨੌਕਰੀ ਦਿੱਤੀ ਜਾਵੇਗੀ। ਸਰਕਾਰ ਦਾ ਵਾਅਦਾ ਇਹ ਵੀ ਸੀ ਕਿ ਜੇਕਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਿੱਚ ਕੋਈ ਦੇਰੀ ਹੋਈ ਤਾਂ, ਬੇਰੁਜ਼ਗਾਰਾਂ ਨੂੰ ਭੱਤਾ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ। 

ਪਰ, ਜੇਕਰ ਕੈਪਟਨ ਸਰਕਾਰ ਦੇ ਇਸ ਵਾਅਦੇ ਦੀ ਅਸਲੀਅਤ ਵੇਖੀਏ ਤਾਂ, ਕੁੱਝ ਹੋਰ ਹੀ ਹੈ। ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਵੀ ਪੰਜਾਬ ਦੇ ਹਰ ਘਰ ਵਿੱਚ ਨੌਕਰੀ ਦੇਣ ਵਾਲੀ ਮੁਹਿੰਮ ਨਹੀਂ ਪੁੱਜੀ। ਸਰਕਾਰੀ ਖ਼ਰਚੇ 'ਤੇ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਦੇ ਵਿੱਚ ਵੀ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਨੂੰ ਸਰਕਾਰੀ ਨੌਕਰੀ ਦੀ ਬਿਜਾਏ, ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਦੇ ਵਿੱਚ ਨੌਕਰੀਆਂ ਕਰਨ ਦੇ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। 

ਕੈਪਟਨ ਸਰਕਾਰ ਦੁਆਰਾ ਕੀਤੇ ਵਾਅਦੇ ਦਾ ਪਰਦਾਫ਼ਾਸ਼ ਯੂਥ ਅਕਾਲੀ ਦਲ ਦੇ ਵੱਲੋਂ ਕੀਤਾ ਗਿਆ ਹੈ। ਯੂਥ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਦਾ ਦਾਅਵਾ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲੋਂ 55 ਲੱਖ ਘਰਾਂ ਵਿੱਚ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੈਪਟਨ ਸਰਕਾਰ ਦੁਆਰਾ ਕੀਤਾ ਗਿਆ ਸੀ, ਜੋ ਕਿ ਹੁਣ ਤੱਕ ਪੂਰਾ ਨਹੀਂ ਹੋ ਸਕਿਆ। ਕੈਪਟਨ ਸਰਕਾਰ 55 ਲੱਖ ਨੌਕਰੀਆਂ ਦੀ ਬਿਜਾਏ, ਹੁਣ ਤੱਕ ਸਿਰਫ਼ 35 ਹਜ਼ਾਰ ਹੀ ਨੌਕਰੀਆਂ ਦੇ ਸਕੀ ਹੈ। 
ਵੇਖਿਆ ਇਹ ਅੰਕੜੇ ਬੇਹੱਦ ਸ਼ਰਮਨਾਕ ਹਨ ਅਤੇ ਇਨ੍ਹਾਂ ਅੰਕੜਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਸੂਬੇ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਸਰਕਾਰ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਸਮੇਤ ਸਾਰੇ ਵਾਅਦੇ ਭੁੱਲ ਗਈ।

ਆਪਣੇ ਚੋਣ ਮਨੋਰਥ ਪੱਤਰ ਵਿੱਚ ਹਰ ਘਰ ਇਕ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਜਦੋਂ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੁੱਝ ਲੀਡਰਾਂ ਨੇ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਬਾਰੇ ਇੱਕ ਜਵਾਬ ਮੰਗਿਆ ਤਾਂ ਸਰਕਾਰ ਨੇ ਕਿਹਾ ਕਿ ਉਸਨੇ ਪਿਛਲੇ 4 ਸਾਲਾਂ ਦੌਰਾਨ ਸਿਰਫ 35000 ਨੌਕਰੀਆਂ ਦਿੱਤੀਆਂ ਹਨ।