ਕਾਫ਼ਲਾ ਕਰੇਗੀ ਕੂਚ ਦਿੱਲੀ ਵੱਲ ਨੂੰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕਾਫ਼ਲੇ ਲਗਾਤਾਰ ਦਿੱਲੀ ਦੇ ਬਾਰਡਰਾਂ ਵੱਲ ਨੂੰ ਵੱਧ ਰਹੇ ਹਨ। ਹੁਣ ਪੰਜਾਬ ਦੇ ਮਜ਼ਦੂਰ ਦੀ ਸਭ ਤੋਂ ਵੱਡੀ ਜਥੇਬੰਦੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਮਜ਼ਦੂਰਾਂ ਅਤੇ ਕਿਰਤੀਆਂ ਦੇ ਕਾਫ਼ਲੇ ਦਿੱਲੀ ਬਾਰਡਰਾਂ ਵੱਲ ਤੋਰਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਤੋਂ ਲੱਖਾਂ ਮਜ਼ਦੂਰ, ਕਿਰਤੀ ਅਤੇ ਕਿਸਾਨ ਇੱਕ ਮਈ ਨੂੰ ਵੱਡੇ ਕਾਫ਼ਲੇ ਨਾਲ ਰਵਾਨਾ ਹੋਣਗੇ ਅਤੇ ਦਿੱਲੀ ਜਾ ਕੇ, ਮੋਰਚੇ ਨੂੰ ਹੋਰ ਰੰਗ ਲਾਇਆ ਜਾਵੇਗਾ। 

ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ, ਜੇਕਰ ਹਾਲੇ ਵੀ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣੇਗੀ ਤਾਂ ਕਿਸਾਨ ਭਵਿੱਖ ਵਿੱਚ ਇਸ ਅੰਦੋਲਨ ਨੂੰ ਹੋਰ ਤਿੱਖਾ ਕਰ ਦੇਣਗੇ ਅਤੇ ਆਗਾਮੀ ਦਿਨਾਂ ਵਿੱਚ ਸੰਸਦ ਭਵਨ ਵੱਲ ਕਿਸਾਨਾਂ ਦਾ ਮੋਰਚਾ ਵਧੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹਰਿਆਣਾ ਤੋਂ ਬਾਅਦ ਰਾਜਸਥਾਨ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਸਣੇ ਹੋਰ ਸੂਬਿਆਂ ਵਿੱਚ ਵੀ ਕਿਸਾਨ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਸਾਨ ਲੀਡਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਕਿਸਾਨ ਘਰਾਂ ਨੂੰ ਚਾਲੇ ਪਾਉਣਗੇ।

ਟਿਕੈਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ, ਜਿਸ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ। ਮੀਡੀਆ ਵੱਲੋਂ ਟਿਕੈਤ ਨੂੰ ਕਿਸਾਨ ਅੰਦੋਲਨ ਦਾ ਚਿਹਰੇ ਕਹੇ ਜਾਣ ਉੱਪਰ ਉਨ੍ਹਾਂ ਦੁਹਰਾਇਆ ਕਿ ਕਿਸਾਨਾਂ ਦੇ ਮੰਚ ਅਤੇ ਪੰਚ ਉਹੀ ਰਹਿਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਆਗੂਆਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇਗਾ।