ਸਹੁੰ ਖ਼ਾ ਕੇ ਮੁੱਕਰ ਗਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਹਿੰਦੇ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ 'ਤੇ ਹੱਥ ਧਰ ਕੇ ਸਹੁੰ ਖ਼ਾਂਦੀ ਸੀ, ਕਿ ਜੇਕਰ ਉਹਦੀ ਸਰਕਾਰ ਸੱਤਾ ਵਿੱਚ ਆ ਗਈ ਤਾਂ, ਬੇਅਦਬੀ ਕਾਂਡ ਦੇ ਮੁਲਜ਼ਮ ਜੇਲ੍ਹ ਜਾਣਗੇ। ਪਰ ਸੱਤਾ ਵਿੱਚ ਆਉਂਦੇ ਸਾਰ ਹੀ ਕੈਪਟਨ ਜਿੱਥੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਖਾਂਦੀ ਸਹੁੰ ਨੂੰ ਭੁੱਲ ਗਏ, ਉੱਥੇ ਹੀ ਬੇਅਦਬੀ ਕਾਂਡ ਦੇ ਮੁਲਜ਼ਮਾਂ ਨਾਲ ਯਾਰੀ ਪਾ ਲਈ। 

ਇਹ ਦੋਸ਼ ਸਾਡਾ ਨਹੀਂ, ਬਲਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਹੈ। ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਵੱਡੀਆਂ ਉਮੀਦਾਂ 'ਤੇ ਯਕੀਨ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਲੋਕਾਂ ਨੇ ਇੱਕ ਸੁਨਿਹਰੀ ਮੌਕਾ ਦਿੱਤਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨਾ ਕੇਵਲ ਲੋਕਾਂ ਸਗੋਂ ਗੁਰੂ ਦੀ ਕਸੌਟੀ 'ਤੇ ਵੀ ਖਰੇ ਨਹੀਂ ਉਤਰ ਸਕੇ। 

ਨਤੀਜੇ ਵਜੋਂ ਬਰਗਾੜੀ ਅਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀ ਦੇ ਦੋਸ਼ੀਆਂ 'ਤੇ ਠੋਸ ਕਾਰਵਾਈ ਕਰਨ ਦੀ ਥਾਂ ਮਾਮਲੇ ਨੂੰ ਲਟਕਾਉਣ ਅਤੇ ਦੋਸ਼ੀਆਂ ਨੂੰ ਬਚਾਉਣ 'ਤੇ ਹੀ ਸਾਰਾ ਜੋਰ ਰਿਹਾ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਗਲਤੀ ਦੀ ਭਾਰੀ ਕੀਮਤ ਸਾਰੇ ਕਾਂਗਰਸੀਆਂ ਨੂੰ ਅਦਾ ਕਰਨੀ ਹੀ ਪਵੇਗੀ। 

ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਜਾਂਚ ਕਮੇਟੀ ਦੀ ਰਿਪੋਰਟ ਖਾਰਜ ਕਰਨ 'ਤੇ ਸੂਬੇ ਵਿੱਚ ਕੈਪਟਨ ਸਰਕਾਰ ਵਿਰੁੱਧ ਉਠੇ ਰੋਹ ਨੂੰ ਠੰਡਾ ਕਰਨ ਲਈ ਕੈਪਟਨ ਆਪਣੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਦੇ ਅੱਖੀਂ ਘੱਟਾ ਪਾ ਰਹੇ ਹਨ। ਸੱਚ ਤਾਂ ਇਹ ਹੈ ਕਿ ਕੈਪਟਨ ਨੇ ਬਾਦਲਾਂ ਨਾਲ ਹੋਏ 'ਦੁਬਈ' ਸਮਝੌਤੇ ਦੀ ਪਾਲਣਾ ਕਰਦਿਆਂ ਬਰਗਾੜੀ ਅਤੇ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੀਆਂ ਫਾਇਲਾਂ ਹੀ ਬੰਦ ਕਰ ਦਿੱਤੀਆਂ ਹਨ।