ਬਾਦਲ-ਕੈਪਟਨ ਮਿਲੇ ਹੋਏ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ, ਕੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਦੇ ਨਾਲ ਗਠਜੋੜ ਕਰਕੇ, ਪੰਜਾਬ ਦੇ ਅੰਦਰ ਚੱਲ ਰਹੀ ਹੈ? ਅਜਿਹਾ ਸਵਾਲ ਸਾਡਾ ਨਹੀਂ, ਬਲਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਹੈ। ਮਾਨ ਮੁਤਾਬਿਕ ਬਾਦਲ ਅਤੇ ਕੈਪਟਨ ਦੋਵੇਂ ਹੀ ਆਪਸ ਵਿੱਚ ਮਿਲੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਉਣ 'ਤੇ ਲੱਗੇ ਹੋਏ ਹਨ। 

ਆਪਣੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਦੋਵੇਂ ਹੀ ਸਿੱਖਾਂ ਦੇ ਦੁਸ਼ਮਣ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਪੰਜਾਬ ਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ, ਸਗੋਂ ਇਸ ਮਾਮਲੇ 'ਤੇ ਨਵੀਂ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਦੀ ਹੀ ਕੋਸ਼ਿਸ਼ ਹੈ। 

ਇਸ ਨਾਲ ਹੋਣਾ ਕੁੱਝ ਨਹੀਂ, ਬਲਕਿ ਮੁੱਖ ਦੋਸ਼ੀ ਬਚ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਸਾਲ 2015 ਵਿੱਚ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਦੇ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ (ਅਮਰਿੰਦਰ ਸਿੰਘ) ਮੁੱਖ ਮੰਤਰੀ ਬਣਦੇ ਹਨ, ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿਵਾਉਣਗੇ। ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਿਆ 4 ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਨਹੀਂ ਦਿਵਾਈ, ਕਿਉਂਕਿ ਕੈਪਟਨ ਬਾਦਲ ਮਿਲੇ ਹੋਏ ਹਨ।