ਲੀਡਰਾਂ ਤੋਂ ਲੈ ਕੇ ਅਧਿਆਪਕਾਂ ਤੱਕ, ਸਭ ਹੋਏ ਪਏ ਨੇ ਸਰਕਾਰੀ ਸਕੂਲਾਂ ਦੇ ਦਿਵਾਨੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਰਕਾਰੀ ਸਕੂਲਾਂ ਦੇ ਅੰਦਰ ਅਧਿਆਪਕਾਂ ਦੀ ਭਾਰੀ ਕਮੀ ਹੈ। ਪਰ ਇਸ ਦੇ ਬਾਵਜੂਦ ਕਈ ਲੀਡਰ ਅਤੇ ਸਰਕਾਰੀ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਸਤੇ ਉਤਾਵਲੇ ਹੋਏ ਬੈਠੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਇਹ ਖ਼ਬਰਾਂ ਮਿਲ ਰਹੀਆਂ ਹਨ ਕਿ, ਕਈ ਉੱਚ ਹਸਤੀਆਂ ਦੇ ਬੱਚੇ ਵੀ ਇਸ ਵੇਲੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਣ ਨੂੰ ਉਤਾਵਲੇ ਹਨ ਅਤੇ ਕਈਆਂ ਦੇ ਦਾਖ਼ਲੇ ਤੱਕ ਵੀ ਹੋ ਚੁੱਕੇ ਹਨ। 

ਖ਼ਬਰਾਂ ਦੀ ਮੰਨੀਏ ਤਾਂ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ਵਾਸ ਸਥਾਪਿਤ ਕਰਨ ਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਲੋਕ ਮਨਾਂ ਵਿਚ ਸਰਕਾਰੀ ਸਕੂਲਾਂ ਪ੍ਰਤੀ ਉਪਜੇ ਨਿਰਾਸ਼ਾਵਾਦੀ ਵਿਚਾਰਾਂ ਨੂੰ ਖਤਮ ਕਰਨ ਲਈ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। 

ਇਸੇ ਕੜੀ ਤਹਿਤ ਵਿਭਾਗ ਵਲੋਂ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਸੂਬਾ ਪੱਧਰ 'ਤੇ ਸ਼ੁਰੂ ਕੀਤੀ ਦਾਖਲਾ ਮੁਹਿੰਮ 'ਈਚ ਵੰਨ ਬਰਿੰਗ ਵੰਨ' ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ। 

ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਸਿੱਖਿਆ ਦੇ ਉਚੇਰੇ ਮਿਆਰ ਕਾਰਨ ਜਿਥੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਿਆ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਬਹੁਤ ਸਾਰੇ ਲੀਡਰਾਂ ਵੱਲੋਂ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਪ੍ਰਗਟਾਉਂਦਿਆਂ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਜਾ ਰਿਹਾ ਹੈ।