2022 ਚੋਣਾਂ ਜਿੱਤਣੀਆਂ ਹੁਣ ਸੌਖੀਆਂ ਨਹੀਂ ਸਿਆਸੀ ਪਾਰਟੀਆਂ ਲਈ, ਕਿਉਂਕਿ...!(ਨਿਊਜ਼ਨੰਬਰ ਖ਼ਾਸ ਖ਼ਬਰ)

ਸਮੂਹ ਸਿਆਸੀ ਪਾਰਟੀਆਂ ਲਈ 2022 ਦੀਆਂ ਚੋਣਾਂ ਜਿੱਤਣੀਆਂ ਸੌਖੀਆਂ ਨਹੀਂ ਹਨ, ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਸਮੂਹ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਦਿਆਂ ਹੋਇਆ, ਪਿੰਡ ਪੱਧਰ ਤੇ ਹੀ ਲੀਡਰਾਂ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। 

ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕਰ ਦਿੱਤਾ ਹੈ ਕਿ ਹੁਣ ਪਿੰਡਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਹੀਂ ਵੜਣ ਦਿੱਤਾ ਜਾਵੇਗਾ। ਜੇਕਰ ਕੋਈ ਸਿਆਸੀ ਆਗੂ ਆਉਂਦਾ ਵੀ ਹੈ ਤਾਂ ਉਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਮੋਰਚੇ ਦੇ ਇਸ ਐਲਾਨ ਨਾਲ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਤੋਂ ਗਰਮਾਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਲਗਪਗ ਇਕ ਸਾਲ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦਰਮਿਆਨ ਸੂਬੇ ਦੀਆਂ ਸਿਆਸੀ ਪਾਰਟੀਆਂ ਦੀ ਭੂਮਿਕਾ ਨਾਂਪੱਖੀ ਹੀ ਰਹੀ ਹੈ।

ਅਜਿਹੇ ਵਿਚ ਜ਼ਰੂਰੀ ਹੋ ਜਾਂਦਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵੀ ਵਿਰੋਧ ਕੀਤਾ ਜਾਵੇ। ਇਸ ਲਈ ਮੋਰਚੇ ਨੇ ਫ਼ੈਸਲਾ ਲਿਆ ਹੈ ਕਿ ਹੁਣ ਪਿੰਡਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਵੜਣ ਨਹੀਂ ਦਿੱਤਾ ਜਾਵੇਗਾ ਅਤੇ ਇਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 26 ਨਵੰਬਰ ਤੋਂ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਰਮਿਆਨ ਪੰਜਾਬ ਵਿਚ ਵੀ ਕਿਸਾਨ ਭਾਜਪਾ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਆਗੂਆਂ ਦਾ ਸੂਬੇ ਵਿਚ ਨਿਕਲਣਾ ਔਖਾ ਹੋਇਆ ਪਿਆ ਹੈ।

ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਲਗਪਗ ਨਾਂਹ ਦੇ ਬਰਾਬਰ ਹਨ। ਅਜਿਹੇ ਵਿਚ ਹੁਣ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਵਿਰੋਧ ਦੇ ਐਲਾਨ ਨਾਲ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਲਗਪਗ ਠੱਪ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ।