ਭਾਜਪਾ ਰਾਜ 'ਚ ਤਾਂ ਵਿਰੋਧ ਪ੍ਰਦਰਸ਼ਨ ਕਰਨਾ ਵੀ ਦੇਸ਼ਧ੍ਰੋਹ! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਹੁਣ ਦੇਸ਼ਧ੍ਰੋਹ ਦੇ ਮੁਕੱਦਮੇ ਦਰਜ ਹੋਣ ਲੱਗ ਪਏ ਹਨ। ਖੇਤੀ ਕਾਨੂੰਨਾਂ ਦੇ ਨਾਲ ਨਾਲ ਕਿਸਾਨ ਭਾਜਪਾ ਦੇ ਮੰਤਰੀਆਂ, ਸੰਸਦ ਮੈਂਬਰਾਂ ਤੋਂ ਇਲਾਵਾ ਵਿਧਾਇਕਾਂ ਦਾ ਜੰਮ ਕੇ ਵਿਰੋਧ ਕਰ ਰਹੇ ਹਨ। ਪਿਛਲੇ ਦਿਨੀਂ ਕਿਸਾਨਾਂ ਵੱਲੋਂ ਹਰਿਆਣਾ ਵਿਖੇ ਕੀਤੇ ਗਏ ਪ੍ਰਦਰਸ਼ਨ ਤੋਂ ਮਗਰੋਂ ਹਰਿਆਣਾ ਦੀ ਪੁਲਿਸ ਨੇ 100 ਕਿਸਾਨਾਂ ‘ਤੇ ਦੇਸ਼ਧ੍ਰੋਹ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਦਰਅਸਲ, ਲੰਘੀ 11 ਜੁਲਾਈ 2021 ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ ‘ਚ ਜ਼ਿਲ੍ਹਾ ਭਾਜਪਾ ਵੱਲੋਂ ਪਾਰਟੀ ਕਾਰਕੁਨਾਂ ਦੀ ਇੱਕ ਵਰਕਸ਼ਾਪ ਰੱਖੀ ਗਈ ਸੀ। ਇਸ ਵਰਕਸ਼ਾਪ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਸੰਬੋਧਨ ਕੀਤਾ ਸੀ।

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਭਾਜਪਾ ਤੇ ਜਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਭਾਜਪਾ ਤੇ ਜਜਪਾ ਆਗੂਆਂ ਵੱਲੋਂ ਕੋਈ ਪ੍ਰੋਗਰਾਮ ਕਰਨ ‘ਤੇ ਕਾਲੇ ਝੰਡੇ ਦਿਖਾਏ ਜਾਂਦੇ ਹਨ। ਇਸੇ ਤਹਿਤ ਕਿਸਾਨਾਂ ਨੇ ਸੰਸਦ ਮੈਂਬਰ ਸੁਨੀਤਾ ਦੁੱਗਲ ਤੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਦਾ ਵਿਰੋਧ ਕੀਤਾ ਤੇ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ।

ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕਰਦੇ ਕਈ ਕਿਸਾਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀਆਂ ਕੰਧਾਂ ਤੇ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਏ ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ। ਕੁਝ ਲੋਕਾਂ ਵੱਲੋਂ ਗੱਡੀਆਂ ਦੇ ਕਾਫਲੇ ‘ਤੇ ਪਥਰਾਅ ਕੀਤਾ ਗਿਆ।

ਜਿਸ ਵਿੱਚ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਦੀ ਗੱਡੀ ਦੇ ਸ਼ੀਸ਼ੇ ਟੁੱਟ ਗਏ ਸਨ। ਜਿਸ ਮਗਰੋਂ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਕਿਸਾਨਾਂ ਨੂੰ ਤਿਤਰ-ਬਿਤਰ ਕਰ ਦਿੱਤਾ ਸੀ ਤੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਪੁਲਿਸ ਦੀ ਗ੍ਰਿਫ਼ਤਾਰੀਆਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਸਾਰੇ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕ ਕੇ ਕਿਸਾਨਾਂ ਨੂੰ ਇਕੱਜੁਟ ਕਰਨ ਦਾ ਫੈਸਲਾ ਲਿਆ ਹੈ।