ਸਰਕਾਰ ਦੇ ਲਾਰਿਆਂ ਤੋਂ ਅੱਕੇ ਕਾਮੇ ਸੜਕਾਂ 'ਤੇ (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਸਾਢੇ 4 ਵਰਿਆਂ ਵਿਚ ਸਰਕਾਰ ਮੁਲਾਜ਼ਮਾਂ ਦੇ ਵਾਸਤੇ ਇੱਕ ਵੀ ਚੰਗਾ ਕਾਰਜ ਨਹੀਂ ਕਰ ਸਕੀ, ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਇੰਨੀ ਦਿਨੀਂ ਸੜਕਾਂ ਤੇ ਹਨ ਅਤੇ ਆਪਣੇ ਹੱਕ ਸਰਕਾਰ ਕੋਲੋਂ ਮੰਗ ਕਰ ਰਹੇ ਹਨ। ਪਰ ਸਰਕਾਰ ਦਾ ਰਵੱਈਆ ਹੁਣ ਤੱਕ ਮੁਲਾਜ਼ਮ ਪੱਖੀ ਰਿਹਾ ਹੀ ਨਹੀਂ। ਕੱਚੇ ਅਧਿਆਪਕਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਦਾ ਹੀ ਸਰਕਾਰ ਦੁਆਰਾ ਦਰਕਿਨਾਰ ਕੀਤਾ ਜਾਂਦਾ ਰਿਹਾ ਹੈ। 

ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਸਾਂਝੇ ਤੌਰ ਤੇ 6ਵੇਂ ਤਨਖਾਹ ਕਮਿਸ਼ਨ ਰਾਹੀਂ ਤਨਖਾਹ ਭੱਤਿਆਂ ‘ਚ ਵਾਧੇ ਕਰਨ ਦੀ ਥਾਂ ਮੁਲਾਜ਼ਮਾਂ ਤੇ ਵੱਡਾ ਆਰਥਿਕ ਹੱਲਾ ਵਿੱਢਣ, ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਸਮੁੱਚੇ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੇ ਖ਼ਿਲਾਫ਼ ਸਮੂਹਿਕ ਵਿਰੋਧ ਦਾ ਰੋਸ ਮੁਜ਼ਾਹਰਾ 12 ਕੈਬਿਨਟ ਮੰਤਰੀਆਂ ਦੇ ਘਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਕੀਤਾ ਗਿਆ।

ਸੰਗਰੂਰ ਵਿਖੇ ਸਾਂਝਾ ਅਧਿਆਪਕ ਮੋਰਚਾ ਅਤੇ ਪੰਜਾਬ ਯੂ-ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਜਿਲਾ ਕਨਵੀਨਰ ਦੇਵੀ ਦਿਆਲ, ਸੂਬਾਈ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਸ੍ਰੀ ਨਿਵਾਸ, ਸੀਤਾ ਰਾਮ, ਮਾਲਵਿੰਦਰ ਸਿੰਘ ਸੰਧੂ, ਸਰਬਜੀਤ ਸਿੰਘ ਵੜੈਚ, ਕੰਵਲਜੀਤ ਬਨਭੌਰਾ, ਬੱਗਾ ਸਿੰਘ, ਸੀਆ ਰਾਮ ਨੇ ਕਿਹਾ ਕਿ ਅੱਜ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹੇ ਦੇ ਅਧਿਆਪਕਾਂ ਅਤੇ ਮੁਲਾਜਮਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਆਰਜ਼ੀ ਘਰ ਸਥਾਨਕ ਰੈਸਟ ਹਾਊਸ ਸੰਗਰੂਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਹੈ।

ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਸਮੁੱਚੇ ਅਧਿਆਪਕਾਂ, ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਫੌਰੀ ਤੌਰ ਤੇ ਹੱਲ ਨਾ ਹੋਇਆਂ ਤਾਂ ਪੰਜਾਬ ਦੇ ਸਮੁੱਚੇ ਅਧਿਆਪਕਾਂ, ਮੁਲਾਜ਼ਮ ਅਤੇ ਪੈਨਸ਼ਨਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 29 ਜੁਲਾਈ ਨੂੰ ਵਿਸ਼ਾਲ ‘ਹੱਲਾ ਬੋਲ’ ਰੈਲੀ ਕਰਨਗੇ।