ਕਿਰਤੀ ਮੱਲਣਗੇ ਰਾਜੇ ਦਾ ਬੂਹਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਦੇ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਹੈ। ਮਜ਼ਦੂਰਾਂ ਮੁਤਾਬਿਕ ਉਹ 9 ਅਗਸਤ ਤੋਂ 11 ਅਗਸਤ ਤੱਕ ਕੈਪਟਨ ਅਮਰਿੰਦਰ ਦੇ ਮੋਤੀ ਮਹਿਲ ਸਾਹਮਣੇ ਡੇਰੇ ਲਾਉਣਗੇ ਅਤੇ ਇਸ ਪ੍ਰਦਰਸ਼ਨ ਵਿੱਚ ਪੂਰੇ ਪੰਜਾਬ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਰਤੀ, ਮਜ਼ਦੂਰ ਸ਼ਾਮਲ ਹੋਣਗੇ। 

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ,ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁੱਗਸੋ਼ਰ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਮਜ਼ਦੂਰਾਂ ਦੇ ਕਰਜ਼ੇ ਤੇ ਬਿਜਲੀ ਬਿੱਲ ਮੁਆਫ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰਾਂ ਅੰਦਰ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਦਸ ਹਜ਼ਾਰ ਦੀ ਗਿਣਤੀ ਚ ਪਟਿਆਲਾ ਮੋਰਚੇ ਚ ਪੁੱਜਣਗੇ।

ਉਹਨਾਂ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਬਾਰੇ ਚਰਚਾ ਕਰਦਿਆਂ ਕਿਹਾ ਇਹ ਕਾਨੂੰਨ ਮਜ਼ਦੂਰਾਂ ਦੀ ਕਿਰਤ ਸ਼ਕਤੀ ਹੋਰ ਵਧੇਰੇ ਨਿਚੋੜਨ , ਮਜ਼ਦੂਰਾਂ ਦੇ ਰੁਜ਼ਗਾਰ ਦਾ ਹੋਰ ਵਧੇਰੇ ਘਾਣ ਕਰਨ ਤੇ ਭੁੱਖਮਰੀ ਦੇ ਮੂੰਹ ਧੱਕਣ ਦਾ ਸਾਧਨ ਬਣਨਗੇ।ਇਸ ਲਈ ਇਹਨਾਂ ਕਾਨੂੰਨਾਂ ਤੇ ਸੋਧਾਂ ਦੀ ਵਾਪਸੀ ਦੀ ਮੰਗ ਵੀ ਮਜ਼ਦੂਰ ਵਰਗ ਲਈ ਕਰਜ਼ਾ ਮੁਆਫ਼ੀ , ਰੁਜ਼ਗਾਰ ਪ੍ਰਾਪਤੀ ਤੇ ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਵਰਗੀਆਂ ਮੰਗਾਂ ਵਾਂਗ ਹੀ ਵੱਡੀ ਅਹਿਮੀਅਤ ਰੱਖਦੀ ਹੈ।

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ , ਪੰਜਾਬ ਖੇਤ ਮਜ਼ਦੂਰ ਸਭਾ ਦੀ ਆਗੂ ਦੇਵੀ ਕੁਮਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਖਪਾਲ ਸਿੰਘ ਵਾਲਾ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਮਾਈਕਰੋਫਾਈਨਾਸ ਕੰਪਨੀਆਂ ਸਮੇਤ ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਸਮੁੱਚੇ ਕਰਜ਼ੇ ਅਤੇ ਬਿਜਲੀ ਬਿੱਲ ਮੁਆਫ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਦਲਿਤ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ, ਤਿੱਖੇ ਜਮੀਨੀ ਸੁਧਾਰ ਲਾਗੂ ਕਰਕੇ ਵਾਧੂ ਜ਼ਮੀਨਾਂ ਦੀ ਵੰਡ ਬੇਜ਼ਮੀਨਿਆਂ ਤੇ ਥੁੜ ਜਮੀਨਿਆਂ ‘ਚ ਕਰਾਉਣ ਆਦਿ ਮੰਗਾਂ ਨੂੰ ਲੈਕੇ ਮਜ਼ਦੂਰ ਵਰਗ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ