ਕੋਰੋਨਾ ਕਹਿਰ: ਸਕੂਲਾਂ 'ਚ ਅਧਿਆਪਕਾਂ ਦਾ ਐਦਾਂ ਜਾਣਾ ਮਨ੍ਹਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ ‘ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੇਵਿਟੀ ਦਰ ‘ਤੇ ਨਜ਼ਰ ਰੱਖਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।