ਕੋਰੋਨਾ ਵੈਕਸੀਨ ਅਤੇ ਸਕੂਲਾਂ ਦੀ ਮੌਜੂਦਾ ਸਥਿਤੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੁਧਿਆਣਾ ਜ਼ਿਲ੍ਹੇ ਦੀਆਂ ਰਿਪੋਰਟਾਂ ਤੋਂ ਬਾਅਦ, ਡਿਪਟੀ ਕਮਿਸ਼ਨਰ ਮੋਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੋਹਾਲੀ ਪ੍ਰਸ਼ਾਸਨ ਨੇ ਸਕੂਲ ਸਟਾਫ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜਿਤੇਂਦਰ ਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਅਤੇ ਸਮਾਰਟ ਵੰਡਰ ਸਕੂਲ ਸੈਕਟਰ-71 ਵਿੱਚ ਐਸਡੀਐਮ ਮੁਹਾਲੀ ਹਰਬੰਸ ਸਿੰਘ ਦੀ ਨਿਗਰਾਨੀ ਹੇਠ ਚੈਕਿੰਗ ਮੁਹਿੰਮ ਚਲਾਈ ਗਈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਸਟਾਫ ਦੇ ਟੀਕਾਕਰਣ ਰਿਕਾਰਡ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਵਹਿੱਤਕਾਰੀ ਸਕੂਲ ਦੀ ਪ੍ਰਿੰਸੀਪਲ ਕਵਿਤਾ ਅੱਤਰੀ ਨੂੰ ਕੋਵਿਡ-19 ਦੀ ਇੱਕ ਵੀ ਖੁਰਾਕ ਨਹੀਂ ਦਿੱਤੀ ਗਈ, ਜਦੋਂ ਕਿ ਸੱਤ ਅਧਿਆਪਕਾਂ ਨੇ ਟੀਕੇ ਦੀ ਸਿਰਫ ਇਕ ਖੁਰਾਕ ਲਈ ਹੈ।

ਉਨ੍ਹਾਂ ਦੱਸਿਆ ਕਿ ਸਵੀਪਰ ਅਤੇ ਬੱਚਿਆਂ ਸੰਭਾਲ ਕਰਨ ਵਾਲੀ ਸਟਾਫ਼ ਮੈਂਬਰ ਨੂੰ ਵੀ ਟੀਕਾਕਰਨ ਦੀ ਇਕ ਵੀ ਖੁਰਾਕ ਨਹੀਂ ਦਿੱਤੀ ਗਈ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਾ ਕਰਨ ਕਾਰਨ ਅਗਲੇ ਨਿਰਦੇਸ਼ਾਂ ਤੱਕ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੈਕਿੰਗ ਦੌਰਾਨ ਸਮਾਰਟ ਵੰਡਰਜ਼ ਸਕੂਲ ਦੇ ਰਿਕਾਰਡ ਠੀਕ ਪਾਏ ਗਏ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐਸਡੀਐਮ ਖਰੜ ਆਕਾਸ਼ ਬਾਂਸਲ ਨੇ ਡੀਏਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ ਵਿੱਚ ਨਿਰੀਖਣ ਕੀਤਾ ਅਤੇ ਪਾਇਆ ਕਿ 18 ਸਟਾਫ ਮੈਂਬਰਾਂ ਨੇ ਸਿਰਫ ਇੱਕ ਖੁਰਾਕ ਲਈ ਹੈ, ਜੋ ਕਿ ਨਿਯਮਾਂ ਦੀ ਸਪੱਸ਼ਟ ਉਲੰਘਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਹਾਜ਼ਰੀ 50 ਪ੍ਰਤੀਸ਼ਤ ਦੇ ਨਿਯਮਾਂ ਦੇ ਵਿਰੁੱਧ ਕੁੱਲ ਗਿਣਤੀ ਦੇ 80 ਪ੍ਰਤੀਸ਼ਤ ਤੋਂ ਵੱਧ ਸੀ।

ਇਸ ਦੌਰਾਨ ਐਸਡੀਐਮ ਡੇਰਾਬਸੀ ਨੇ ਦੋ ਸਕੂਲਾਂ ਮਾਨਵ ਮੰਗਲ ਸਮਾਰਟ ਸਕੂਲ, ਜ਼ੀਰਕਪੁਰ ਅਤੇ ਦਿੱਲੀ ਵਰਲਡ ਪਬਲਿਕ ਸਕੂਲ, ਜ਼ੀਰਕਪੁਰ ਵਿੱਚ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਮਾਨਵ ਮੰਗਲ ਸਮਾਰਟ ਸਕੂਲ ਦੇ 52 ਸਟਾਫ ਮੈਂਬਰਾਂ ਨੂੰ ਟੀਕੇ ਦੀ ਦੂਜੀ ਖੁਰਾਕ ਨਹੀਂ ਦਿੱਤੀ ਗਈ, ਜਦੋਂ ਕਿ ਦਿੱਲੀ ਵਰਲਡ ਪਬਲਿਕ ਸਕੂਲ ਦੇ 27 ਸਟਾਫ ਮੈਂਬਰਾਂ ਨੇ ਟੀਕੇ ਦੀ ਦੂਜੀ ਖੁਰਾਕ ਨਹੀਂ ਲਈ ਹੈ।

ਉਨ੍ਹਾਂ ਦੱਸਿਆ ਕਿ ਸਬੰਧਤ ਐਸਡੀਐਮਜ਼ ਨੇ ਅਗਲੇ ਨਿਰਦੇਸ਼ਾਂ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਰੇ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਗਿਰੀਸ਼ ਦਿਆਲਨ ਨੇ ਦੱਸਿਆ ਕਿ ਪੁਲਿਸ ਨੂੰ ਇਨ੍ਹਾਂ ਸਕੂਲਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਲਈ ਕਹਿ ਦਿੱਤਾ ਗਿਆ ਹੈ।