ਐਦਾਂ ਨਹੀਂ ਲੱਗੇਗੀ ਹੁਣ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਲਈ ਚੰਗੀ ਖ਼ਬਰ ਆਈ ਹੈ। ਮਨਮਾਨੇ ਢੰਗ ਨਾਲ ਉਨ੍ਹਾਂ ਦੀ ਡਿਊਟੀ ਲਗਾਉਣ ਵਾਲੇ ਕਲਰਕਾਂ ‘ਤੇ ਵਿਭਾਗ ਨੇ ਲਗਾਮ ਲਗਾਉਣ ਦੀ ਤਿਆਰੀ ਕਰ ਲਈ ਹੈ।

ਹੁਣ ਸਿੱਖਿਆ ਵਿਭਾਗ ਦੇ ਕਲਰਕ ਜ਼ਿਲ੍ਹੇ ਦੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ ਨਹੀਂ ਲਗਾ ਸਕਣਗੇ। ਉਨ੍ਹਾਂ ਨੂੰ ਇਸ ਦੇ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਪਹਿਲਾਂ ਮਨਜ਼ੂਰੀ ਲੈਣੀ ਪਵੇਗੀ। ਉੱਥੇ ਹੀ ਜ਼ਿਲ੍ਹਾ ਅਧਿਕਾਰੀ ਨੂੰ ਵੀ ਜੇਕਰ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ ਲਗਾਉਣੀ ਹੈ ਤਾਂ ਉਸ ਦੇ ਲਈ ਠੋਸ ਵਜ੍ਹਾ ਮੁੱਖ ਦਫ਼ਤਰ ਨੂੰ ਦੱਸਣੀ ਪਵੇਗੀ।

ਇਸ ਦਾ ਕਾਰਨ ਇਹ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਹੁਕਮ ਦਿੱਤੇ ਹਨ ਕਿ ਟੀਚਿੰਗ ਸਟਾਫ ਤੋਂ ਗ਼ੈਰ-ਵਿਦਿਅਕ ਕੰਮ ਨਾ ਲਿਆ ਜਾਵੇ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਹੈ। ਅਜਿਹੇ ਵਿਚ ਇਨ੍ਹਾਂ ਸਭ ਹਾਲਾਤ ਨੂੰ ਧਿਆਨ ਵਿਚ ਰੱਖੋ।

ਦੱਸ ਦੇਈਏ ਕਿ ਜ਼ਿਲ੍ਹਾ ਪੱਧਰ ‘ਤੇ ਕੁਝ ਕਲਰਕ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀ ਆਪਣੇ ਪੱਧਰ ‘ਤੇ ਡਿਊਟੀ ਲਗਾ ਦਿੰਦੇ ਹਨ। ਅਜਿਹੇ ਵਿਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦੀ ਡਿਊਟੀ ਬਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲ ਵੀ ਕੋਈ ਜਾਣਕਾਰੀ ਨਹੀਂ ਹੁੰਦੀ ਤੇ ਨਾ ਹੀ ਉਨ੍ਹਾਂ ਨੂੰ ਇਸ ਸਬੰਧ ਵਿਚ ਦੱਸਿਆ ਜਾਂਦਾ ਹੈ।

ਅਜਿਹੇ ਵਿਚ ਮਨਜ਼ੂਰੀ ਲੈਣੀ ਤਾਂ ਦੂਰ ਦੀ ਗੱਲ ਹੋ ਗਈ। ਅਜਿਹੇ ਮਾਮਲੇ ਮੁੱਖ ਦਫ਼ਤਰ ਵਿਚ ਧਿਆਨ ਆਉਣ ਤੋਂ ਬਾਅਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸੂਬੇ ਭਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।