ਕੇਂਦਰ ਦੀ ਰਾਸ਼ਟਰੀ ਮੁਦਰੀਕਰਨ ਪਾਇਪ ਲਾਈਨ ਦਾ ਵਿਰੋਧ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਆਲ ਇਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਕੇਦਰ ਸਰਕਾਰ ਦੀਆਂ ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਮੁਲਾਜਮ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਅਤੇ ਸਟੇਟ ਕਰਮਚਾਰੀ ਦਲ ਫਿਰੋਜ਼ਪੁਰ ਵੱਲੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਬੋਲਦਿਆਂ ਜਿਲ੍ਹਾ ਆਗੂ ਕਿਸ਼ਨ ਚੰਦ ਜਾਗੋਵਾਲੀਆ, ਬਲਬੀਰ ਸਿੰਘ ਕੰਬੋਜ, ਕੇਵਲ ਸਿੰਘ, ਪਿਆਰਾ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਅਸ਼ੋਕ ਚੌਹਾਨ, ਬਲਬੀਰ ਸਿੰਘ ਗੋਖੀਵਾਲਾ ਅਤੇ ਰਾਜਨ ਨੇ ਰਾਸ਼ਟਰੀ ਮੁਦਰੀਕਰਨ ਪਾਈਪ ਲਾਈਨ ਦਾ ਵਿਰੋਧ ਕਰਦਿਆ ਕਿਹਾ ਕਿ ਆਮ ਜਨਤਾ ਦੀ ਸਖਤ ਮੇਹਨਤ ਅਤੇ ਟੈਕਸ ਅਦਾ ਕਰਨ ਵਾਲੇ ਲੋਕਾਂ ਅਤੇ ਮੁਲਾਜ਼ਮਾ ਦੇ ਪੈਸਿਆਂ ਨਾਲ ਪਿਛਲੇ 70 ਸਾਲਾਂ ਵਿੱਚ ਖੜੇ ਕੀਤੇ ਪਬਲਿਕ ਖੇਤਰ ਦੇ ਅਦਾਰਿਆਂ ਨੂੰ ਕਿਸੇ ਵੀ ਕੀਮਤ 'ਤੇ ਵਿਕਣ ਨਹੀ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਨੇ ਸਰਕਾਰੀ ਤੌਰ ਤੇ ਪਬਲਿਕ ਖੇਤਰ ਦੇ ਲਾਭਦਾਇਕ ਅਦਾਰਿਆਂ ਨੂੰ ਵੇਚਣ ਦਾ ਐਲਾਨ ਕਰ ਦਿਤਾ ਹੈ, ਨਿਜੀਕਰਨ ਦੇ ਵਿਰੋਧ ਵਿੱਚ ਪਬਲਿਕ ਖੇਤਰ ਵਿੱਚ ਲੱਗੇ ਮੁਲਾਜ਼ਮ ਮਜਦੂਰਾਂ ਦੀਆਂ ਜਥੇਬੰਦੀਆਂ ਵੱਲੋਂ ਸੰਘਰਸ ਕੀਤੇ ਜਾ ਰਹੇ ਹਨ। ਉਹਨਾਂ ਵੱਲੋ ਇਹਨਾ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਉਹਨਾਂ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਕਰਨਾਲ ਵਿਖੇ ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿਚ ਸੰਘਰਸ ਕਰ ਰਹੇ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਵੀ ਸਖਤ ਸਬਦਾ ਵਿਚ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕੀਤਾ ਜਾਵੇ ਤੇ ਲਾਠੀਚਾਰਜ ਕਰਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।