ਪੰਜਾਬ ਦੀ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਮੂਹਰੇ ਟੇਕੇ ਗੋਡੇ, ਸਾਨੂੰ ਮਾਫ਼ ਕਰਿਓ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੱਲ੍ਹ ਕਿਸਾਨਾਂ ਮੂਹਰੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਗੋਡੇ ਟੇਕ ਗਈਆਂ। ਜਿਹੜੇ ਵੱਡੇ ਵੱਡੇ ਲੀਡਰਾਂ ਨੂੰ ਮਿਲਣ ਲਈ ਪੰਜਾਬ ਵਾਸੀ ਸਾਲਾਂ ਤੱਕ ਤਰਸਦੇ ਰਹੇ, ਉਹ ਕਿਸਾਨਾਂ ਮੂਹਰੇ ਝੁਕਦੇ ਹੋਏ, ਕਿਸਾਨਾਂ ਦੀ ਹਰ ਗੱਲ ਮੰਨਣ ਨੂੰ ਤਿਆਰ ਹੋ ਗਏ। ਦਰਅਸਲ, ਕੱਲ੍ਹ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਰੁੱਝੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਰੈਲੀਆਂ ਕਾਰਨ ਕਿਸਾਨਾਂ ਦੀ ਲਹਿਰ ਕਮਜ਼ੋਰ ਹੋ ਰਹੀ ਹੈ, ਇਸ ਲਈ ਉਨ੍ਹਾਂ ਨੂੰ ਚੋਣਾਂ ਦੇ ਐਲਾਨ ਤੱਕ ਰੈਲੀਆਂ ਰੋਕਣੀਆਂ ਚਾਹੀਦੀਆਂ ਹਨ। ਇਸ ਕਿਸਾਨ ਕਚਹਿਰੀ ਵਿੱਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਛੇ ਸਿਆਸੀ ਪਾਰਟੀਆਂ ਨੇ ਹਿੱਸਾ ਲਿਆ।

ਪਹਿਲੇ ਪੜਾਅ ਵਿੱਚ ਸ਼੍ਰੋਮਣੀ ਅਕਾਲੀ ਦਲ, ਦੂਜੇ ਪੜਾਅ ਵਿੱਚ ਕਾਂਗਰਸ ਅਤੇ ਤੀਜੇ ਪੜਾਅ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਗ ਲਿਆ। ਇਨ੍ਹਾਂ ਪਾਰਟੀਆਂ ਤੋਂ ਇਲਾਵਾ ਅਕਾਲੀ-ਬਸਪਾ ਅਤੇ ਲੋਕ ਇਨਸਾਫ਼ ਪਾਰਟੀ ਨੇ ਵੀ ਕਿਸਾਨ ਕਚਹਿਰੀ ਵਿੱਚ ਹਿੱਸਾ ਲਿਆ।

ਕਿਸਾਨ ਆਗੂਆਂ ਨੇ ਸਾਰੀਆਂ ਪਾਰਟੀਆਂ ਨੂੰ ਚੋਣਾਂ ਦੇ ਐਲਾਨ ਤਕ ਰਾਜ ਵਿੱਚ ਚੋਣ ਰੈਲੀਆਂ ਅਤੇ ਜਨ-ਸੰਪਰਕ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਚੋਣ ਪ੍ਰਚਾਰ ਕਾਰਨ ਪਿੰਡਾਂ ਵਿੱਚ ਭਾਈਚਾਰਾ ਖਰਾਬ ਹੋ ਰਿਹਾ ਹੈ, ਜਿਸਦਾ ਸਿੱਧਾ ਅਸਰ ਕਿਸਾਨਾਂ ਦੇ ਸੰਘਰਸ਼ 'ਤੇ ਪੈ ਰਿਹਾ ਹੈ। 

ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਰੈਲੀਆਂ ਰਾਹੀਂ ਹੀ ਆਗੂ ਜਨਤਾ ਵਿੱਚ ਪਹੁੰਚ ਸਕਦੇ ਹਨ, ਜੇਕਰ ਉਹ ਰੈਲੀਆਂ ਨਹੀਂ ਕਰਨਗੇ ਤਾਂ ਉਹ ਲੋਕਾਂ ਵਿੱਚ ਕਿਵੇਂ ਪਹੁੰਚ ਸਕਣਗੇ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਵਿਕਲਪ ਦਿੱਤਾ ਗਿਆ ਸੀ ਕਿ ਕਿਸਾਨਾਂ ਨੂੰ ਰੈਲੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ, ਜਦੋਂ ਵੀ ਕਿਸਾਨਾਂ ਦਾ ਕੋਈ ਪ੍ਰੋਗਰਾਮ ਹੁੰਦਾ ਹੈ, ਸ਼੍ਰੋਮਣੀ ਅਕਾਲੀ ਦਲ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦੇਵੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋ. ਚੰਦੂਮਾਜਰਾ ਅਤੇ ਡਾ.ਦਲਜੀਤ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ। ਕਾਂਗਰਸ ਪਾਰਟੀ ਮੁਖੀ ਨਵਜੋਤ ਸਿੰਘ ਸਿੱਧੂ, ਸੰਗਠਨ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਅਤੇ ਕਾਰਜਕਾਰੀ ਮੁਖੀ ਕੁਲਜੀਤ ਨਾਗਰਾ ਦੇ ਨਾਲ ਕਿਸਾਨਾਂ ਦੇ ਇਸ ਦਰਬਾਰ ਵਿੱਚ ਪਹੁੰਚੇ।

ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ ਹੋਏ ਲਾਠੀਚਾਰਜ ਦੀਆਂ ਘਟਨਾਵਾਂ 'ਤੇ ਅਫਸੋਸ ਪ੍ਰਗਟ ਕੀਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਉਨ੍ਹਾਂ ਦੇ ਨਾਲ ਹੈ ਅਤੇ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਅੱਗੇ ਲੈ ਕੇ ਜਾਣਗੇ। ਆਮ ਆਦਮੀ ਪਾਰਟੀ ਦੀ ਵੱਲੋਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਨ ਅਰੋੜਾ ਅਤੇ ਬਲਜਿੰਦਰ ਕੌਰ ਨੇ ਸ਼ਿਰਕਤ ਕੀਤੀ।

ਆਪ ਆਗੂਆਂ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਨਾਲ ਰਹੇਗੀ। ਉਨ੍ਹਾਂ ਕਿਹਾ ਕਿ ਜਿਵੇਂ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਵੇਗੀ, ਪੰਜਾਬ ਵਿਧਾਨ ਸਭਾ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਤਾ ਲਿਆਏਗੀ।

ਸਿਆਸੀ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਿਆਸੀ ਆਗੂਆਂ ਜਾਂ ਪਾਰਟੀਆਂ ਦੇ ਸਮਾਜਿਕ ਸਮਾਗਮਾਂ ’ਚ ਸ਼ਮੂਲੀਅਤ ਦਾ ਵਿਰੋਧ ਨਹੀਂ ਕੀਤਾ ਜਾਵੇਗਾ ਪਰ ਜੇਕਰ ਕੋਈ ਪਾਰਟੀ ਸਿਆਸੀ ਸਮਾਗਮ ਕਰਦੀ ਹੈ ਤਾਂ ਇਸ ਨੂੰ ਕਿਸਾਨ ਵਿਰੋਧੀ ਕਦਮ ਮੰਨਿਆ ਜਾਵੇਗਾ।

ਉਨ੍ਹਾਂ ਦਲੀਲ ਦਿੱਤੀ ਕਿ ਇਸ ਸਮੇਂ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਸੰਘਰਸ਼ ਦੇ ਰਾਹ ਪਏ ਹੋਏ ਹਨ ਅਤੇ ਜੇਕਰ ਪਾਰਟੀਆਂ ਰਾਜਸੀ ਸਮਾਗਮ ਕਰਦੀਆਂ ਹਨ ਤਾਂ ਉਸ ਨਾਲ ਕਿਸਾਨ ਮੋਰਚੇ ਦੇ ਸੰਘਰਸ਼ ਨੂੰ ਢਾਹ ਲੱਗੇਗੀ।