ਸੱਤ ਸਾਲਾਂ ਤੋਂ ਪੱਕੇ ਰੁਜ਼ਗਾਰ ਨੂੰ ਤਰਸਦੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸੱਤ ਸਾਲਾਂ ਤੋਂ ਠੇਕੇ ’ਤੇ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹਾਉਂਦੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਸੀ ਕਿ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ।

ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਰੋਸ ਵਜੋਂ ਕਾਲੇ ਚੋਲੇ ਵੀ ਪਾਏ। ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦੇ ਮੀਤ ਪ੍ਰਧਾਨ ਅਮਰੀਸ਼ ਸ਼ਰਮਾ ਨੇ ਦੱਸਿਆ ਕਿ ਜੱਥੇਬੰਦੀ ਵੱਲੋਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਜਨਮ ਅਸ਼ਟਮੀ ਵਾਲੇ ਦਿਨ ਪਟਿਆਲਾ ਵਿਖੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਦੇ ਲਈ ਮੋਤੀ ਮਹਿਲ ਵੱਲ ਕੂਚ ਕੀਤਾ ਗਿਆ ਸੀ , ਜਿੱਥੇ ਪੁਲਿਸ ਵੱਲੋਂ ਇਹਨਾਂ ਅਧਿਆਪਕਾਂ ਉੱਤੇ ਲਾਠੀਚਾਰਜ ਕਰ ਦਿੱਤਾ ਗਿਆ ਸੀ , ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਅਧਿਆਪਕ ਜ਼ਖ਼ਮੀ ਵੀ ਹੋਏ ਸਨ । ਇਸੇ ਤਹਿਤ ਅੱਜ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ, ਪੰਜਾਬ ਦੇ ਬੈਨਰ ਹੇਠ ਪੰਜਾਬ ਵਿੱਚ ਸਥਿਤ 10 ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਲਈ ਜ਼ਿਲ੍ਹਾ ਪੱਧਰ ਉੱਪਰ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਮ ਆਪਣਾ ਮੰਗ ਪੱਤਰ ਸੌਂਪਿਆ ਗਿਆ ।

ਬਠਿੰਡਾ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਤਲਵਾੜਾ (ਹੁਸ਼ਿਆਰਪੁਰ), ਅੰਮ੍ਰਿਤਸਰ,ਅਤੇ ਗੁਰਦਾਸਪੁਰ ਵਿਖੇ ਸਥਿਤ ਮੈਰੀਟੋਰੀਅਸ ਸਕੂਲਾਂ ਦਾ ਸਮੁੱਚਾ ਟੀਚਿੰਗ ਸਟਾਫ਼ ਆਪਣੀਆਂ ਮੰਗਾਂ ਸੰਬੰਧੀ ਆਪਣੇ ਆਪਣੇ ਜ਼ਿਲ੍ਹੇ ਦੇ ਡੀ.ਸੀ. ਸਾਹਿਬਾਨਾਂ ਨੂੰ ਮਿਲਿਆ ਅਤੇ ਉਹਨਾਂ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਕਿ ਉਹਨਾਂ ਦਾ ਮੁੱਦਾ ਸਰਕਾਰ ਤੱਕ ਪਹੁੰਚਾ ਕੇ ਉਹਨਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ।

ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਅਧਿਕਾਰੀਆਂ ਨੇ ਮੰਨਿਆ ਹੈ ਕਿ ਉਹਨਾਂ ਦੀ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਇਸ ਉੱਪਰ ਜਲਦ ਕਾਰਵਾਈ ਕੀਤੀ ਜਾਵੇਗੀ । ਪਰ ਹੁਣ ਸਰਕਾਰ ਵੱਲੋਂ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ।