ਅੰਨ੍ਹਾ ਵੰਡੇ ਰਿਉੜੀਆਂ ਮੁੜ ਮੁੜ ਆਪਣਿਆਂ ਨੂੰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੰਨ੍ਹਾ ਵੰਡੇ ਰਿਉੜੀਆਂ ਮੁੜ ਮੁੜ ਆਪਣਿਆਂ ਨੂੰ। ਇਸ ਕਹਾਵਤ ਨੂੰ ਸੱਚ ਕਰ ਵਿਖਾਇਆ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ। ਅੱਜ ਕੈਪਟਨ ਸਰਕਾਰ ਨੇ ਆਪਣੇ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਸਰਕਾਰੀ ਨੌਕਰੀ ਦੇ ਦਿੱਤੀ। ਦੱਸ ਦਈਏ ਕਿ ਇੱਕ ਪਾਸੇ ਤਾਂ ਬੇਰੁਜ਼ਗਾਰ ਸੜਕਾਂ ਤੇ ਧੱਕੇ ਖਾ ਰਹੇ ਹਨ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ, ਦੂਜੇ ਪਾਸੇ ਸਰਕਾਰ ਆਪਣੇ ਮੰਤਰੀ ਦੇ ਕਰੋੜਪਤੀ ਜਵਾਈ ਨੂੰ ਸਰਕਾਰੀ ਨੌਕਰੀ ਸੌਂਪ ਰਹੀ ਹੈ।

ਜਾਣਕਾਰੀ ਮੁਤਾਬਿਕ ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਅੱਜ ਕੀਤੀ ਗਈ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰੈਵੇਨਿਊ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ।

ਇਥੇ ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਨੌਕਰੀ ਦੇਣ ਦੀਆਂ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਗੁਰਸ਼ੇਰ ਸਿੰਘ ਨੂੰ ਨੌਕਰੀ ਦੇਣ ਦੇ ਐਲਾਨ ‘ਤੇ ਪੰਜਾਬ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਟਾਲਾ ਤੋਂ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਤਰਸ ਦੇ ਆਧਾਰ ‘ਤੇ ਪੰਜਾਬ ਪੁਲਸ ਵਿਚ ਇੰਸਪੈਕਟਰ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ।

ਹਾਲਾਂਕਿ ਜਦੋਂ ਇਸ ਨੂੰ ਲੈ ਕੇ ਸਿਆਸੀ ਹੰਗਾਮਾ ਹੋਇਆ ਤਾਂ ਪਰਿਵਾਰ ਨੇ ਇਹ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਫਤਿਹਜੰਗ ਬਾਜਵਾ ਤੋਂ ਇਲਾਵਾ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਵੀ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ ਸੀ। ਦੋਹਾਂ ਪੁੱਤਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਕਾਫ਼ੀ ਵਿਵਾਦਾਂ ਵਿਚ ਰਿਹਾ ਸੀ।

ਇਥੋਂ ਤੱਕ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੇ ਵੀ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਸਨ। ਚੋਣਾਂ ਨੇੜੇ ਹੋਣ ਕਰਕੇ ਇਸ ਮਾਮਲੇ ‘ਤੇ ਸਿਆਸਤ ਇਕ ਦਮ ਭਖ ਗਈ ਸੀ, ਜਿਸ ਨਾਲ ਪੰਜਾਬ ਸਰਕਾਰ ਦੀ ਸਿਆਸੀ ਤੌਰ ‘ਤੇ ਕਿਰਕਿਰੀ ਹੋਣ ਲੱਗੀ ਸੀ। ਇਨ੍ਹਾਂ ਨੌਕਰੀਆਂ ਕਰਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਲੋਕ ਰਾਇ ਬਣਨ ਲੱਗੀ ਸੀ, ਉਥੇ ਦੋਵੇਂ ਵਿਧਾਇਕਾਂ ਦੇ ਪਰਿਵਾਰਾਂ ਨੂੰ ਆਪਣਾ ਸਿਆਸੀ ਭਵਿੱਖ ਵੀ ਦਾਅ ‘ਤੇ ਲੱਗਦਾ ਜਾਪਦਾ ਹੈ।