ਪਿੰਡ ਦੂਲੋਵਾਲ ਵਿੱਚ ਨਰਿੰਦਰ ਮੋਦੀ ਦਾ ਫੂਕਿਆ ਗਿਆ ਪੁਤਲਾ

Last Updated: Nov 25 2016 16:36
Reading time: 1 min, 35 secs

25 ਨਵੰਬਰ : ਪ੍ਰਧਾਨ ਮੰਤਰੀ ਦੀ ਬਠਿੰਡਾ ਫੇਰੀ ਮੌਕੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਤੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਨਾ ਦੇਣ ਦੇ ਵਿਰੋਧ ਵਿੱਚ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਪਿੰਡ ਦੂਲੋਵਾਲ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਬਠਿੰਡਾ ਵਿੱਚ ਹੋਈ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣਨ ਤੇ ਕਿਸਾਨਾਂ ਮਜ਼ਦੂਰਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਆਧਾਰ ਮੰਨ ਕੇ ਕਿਸਾਨਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਦਾ ਐਲਾਨ ਕੀਤਾ ਸੀ। ਪਰ ਅੱਜ ਕਿਸਾਨਾਂ ਦੀਆਂ ਵੋਟਾਂ ਬਟੋਰ ਕੇ ਰਾਜ ਗੱਦੀ ਹਾਸਲ ਕਰਨ ਤੋਂ ਬਾਅਦ ਅੱਜ ਤੱਕ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਕੀਤਾ ਇਹ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਪਿੰਡਾਂ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। 
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਧਨ ਦੇ ਨਾਮ ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਪਣੀ ਹੀ ਕਮਾਈ ਦੇ ਪੈਸੇ ਲੈਣ ਲਈ ਬੈਂਕਾਂ ਅੱਗੇ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਖੇਤੀ ਖੇਤਰ ਦੀ ਰੱਤ ਨਿਚੋੜੀ ਜਾ ਰਹੀ ਹੈ। ਜਥੇਬੰਦੀ ਦੇ ਆਗੂ ਛੱਜੂ ਰਾਮ ਰਿਸ਼ੀ ਅਤੇ ਅਮਰੀਕ ਸਿੰਘ ਫਫੜੇ ਭਾਈਕੇ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਦਾ ਐਲਾਨ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕੀਤੇ ਜਾਣ, ਕਾਲੇ ਧਨ ਦੇ ਨਾਮ ਤੇ ਕਿਸਾਨਾਂ ਦੀ ਖੱਜਲ ਖੁਆਰੀ ਬੰਦ ਕੀਤੀ ਜਾਵੇ, ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਸਹਿਕਾਰੀ ਬੈਂਕਾਂ ਵਿੱਚ ਲੈਣ ਦੇਣ 'ਤੇ ਲੱਗੀ ਰੋਕ ਤੁਰੰਤ ਹਟਾਈ ਜਾਵੇ। ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਯੂਰੀਆ ਖਾਦ ਸਮੇਤ ਹੋਰ ਲੋੜੀਂਦੀਆਂ ਖਾਦਾਂ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ।
ਇਸ ਮੌਕੇ ਤੇ ਬਖਤੌਰ ਸਿੰਘ ਦੂਲੋਵਾਲ, ਤਾਰਾ ਸਿੰਘ, ਬਲਦੇਵ ਸਿੰਘ, ਅੰਮ੍ਰਿਤਪਾਲ ਸਿੰਘ ਦੂਲੋਵਾਲ, ਰਾਜਿੰਦਰ ਸਿੰਘ ਕਲੈਹਰੀ ਨੇ ਵੀ ਸੰਬੋਧਨ ਕੀਤਾ।